ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
13 ਅਗਸਤ (ਗਗਨਦੀਪ ਸਿੰਘ) ਬਠਿੰਡਾ: ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਵੀ ਲਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਹੈਡਕੁਆਰਟਰ ਸ਼੍ਰੀ ਰਮਨਪ੍ਰੀਤ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਪ੍ਰੇਡ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਜਿੱਥੇ ਪੀ.ਟੀ. ਸ਼ੋਅ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਵੀ ਦਰਸਾਈਆਂ ਗਈਆਂ।
ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਆਰਟੀਏ ਮੈਡਮ ਪੂਨਮ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਕਰਮਚਾਰੀ ਆਦਿ ਹਾਜ਼ਰ ਸਨ।