ਨਾਨਕ ਸਿੰਘ ਖੁਰਮੀ, ਮਾਨਸਾ/ਬੁਢਲਾਡਾ, 2 ਨਵੰਬਰ
-ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਿਸ਼ਾਲ ਹੋ ਰਿਹਾ ਹੈ।ਉਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸੂਬੇ ਦੀ ਸਿਆਸਤ ਚ ਵੱਡੇ ਬਦਲਾਅ ਦਾ ਸੰਕੇਤ ਹੈ।
ਜਗਦੀਪ ਸਿੰਘ ਨਕਈ ਨੇ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਘਟਨਾਕ੍ਰਮ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਦੇ ਅੰਦਰ ਵੀ ਸਿਆਸੀ ਹਾਲਾਤਾਂ ਨੂੰ ਲੈ ਕੇ ਅਸੰਤੋਸ਼ ਦੀਆਂ ਆਵਾਜ਼ਾਂ ਉੱਭਰ ਰਹੀਆਂ ਹਨ। ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸਹੁੰ ਖਾ ਕੇ ਪੰਜਾਬ ਵਿੱਚ ਇਨਕਲਾਬ ਲਿਆਉਣ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਦੇ ਵਾਅਦੇ ਕੀਤੇ ਸਨ। ਪਰ ਉਨ੍ਹਾਂ ਦੇ ਦੋਸ਼ ਅਨੁਸਾਰ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਪੰਜਾਬ ਦੇ ਲੋਕ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਨਕਈ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦੀ ਤਸਵੀਰ ਲੋਕਾਂ ਸਾਹਮਣੇ ਪੇਸ਼ ਕੀਤੀ ਗਈ ਸੀ, ਉਸ ਦੀ ਥਾਂ ਅੱਜ ਸੂਬੇ ਦੀ ਆਰਥਿਕਤਾ, ਰੁਜ਼ਗਾਰ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਨੇ ਸਰਕਾਰ ਦੀ ਕਾਰਜਸ਼ੈਲੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਦਾ ਭਰੋਸਾ ਜਿੱਤਣ ਲਈ ਸਿਰਫ਼ ਵਾਅਦੇ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਨਤੀਜੇ ਦੇਣੇ ਜ਼ਰੂਰੀ ਹਨ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਦੇ ਕਈ ਆਗੂ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ।
ਫੋਟੋ 02 ਕੈਪਸ਼ਨ-ਜਗਦੀਪ ਸਿੰਘ ਨਕਈ।
