ਡੇਂਗੂ ਵਿਰੋਧੀ ਮੁਹਿੰਮ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਿਆ ਜਾਗਰੂਕ ਕੀਤਾ ਅਤੇ ਲਾਰਵਾ ਚੈਕਿੰਗ ਕੀਤੀ
ਮਾਨਸਾ, 1 ਅਗਸਤ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਡੇਂਗੂ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ, ਹਰ ਸ਼ੁੱਕਰਵਾਰ ਨੂੰ ‘ਡੇਂਗੂ ‘ਤੇ ਵਾਰ’ ਸਿਰਲੇਖ ਹੇਠ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸ਼ੁੱਕਰਵਾਰ, ਮਾਨਸਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ, ਸਿਹਤ ਟੀਮਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕੀਤਾ।
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਖੁਦ ਆਪਣੀ ਟੀਮ ਨਾਲ ਮਿਲ ਕੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਦਾ ਦੌਰਾ ਕੀਤਾ। ਇਸੇ ਤਰ੍ਹਾਂ, ਡਾ. ਮਯੰਕ, ਡੀ.ਐੱਮ.ਸੀ. ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਮਰਾਟ), ਮਾਨਸਾ ਵਿੱਚ ਜਾ ਕੇ ਲਾਰਵੇ ਦੀ ਬਾਰੀਕੀ ਨਾਲ ਜਾਂਚ ਕੀਤੀ। ਜਿੱਥੇ ਵੀ ਖੜ੍ਹੇ ਪਾਣੀ ਵਿੱਚ ਮੱਛਰਾਂ ਦਾ ਲਾਰਵਾ ਮਿਲਿਆ, ਉਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ।
ਇਸ ਮੌਕੇ ‘ਤੇ ਬੋਲਦਿਆਂ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਕਰਮਚਾਰੀ, ਅਧਿਕਾਰੀ ਅਤੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਕੇ ਘਰ-ਘਰ ਲਾਰਵੇ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਮਿਊਂਸੀਪਲ ਕਮੇਟੀ ਸਮੇਤ ਹੋਰ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਆਪਣੇ ਕੰਮ ਜ਼ਿੰਮੇਵਾਰੀ ਨਾਲ ਨਿਭਾਉਣ।
ਇਸ ਮੌਕੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਵਿਜੇ ਮਿੱਡਾ, ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ, ਜ਼ਿਲ੍ਹਾ ਸਿੱਖਿਆ ਤੇ ਸੂਚਨਾ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।
ਸਿਹਤ ਬਲਾਕ ਖਿਆਲਾ ਕਲਾਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਮਨਦੀਪ ਸਿੰਘ ਅਤੇ ਡਾ. ਬਲਜਿੰਦਰ ਕੌਰ ਦੀ ਨਿਗਰਾਨੀ ਹੇਠ, ਵੱਖ-ਵੱਖ ਸਕੂਲਾਂ ਵਿੱਚ ਟੀਮਾਂ ਭੇਜੀਆਂ ਗਈਆਂ। ਇਨ੍ਹਾਂ ਟੀਮਾਂ ਵਿੱਚ ਮਲਟੀਪਰਪਜ਼ ਸਿਹਤ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ (ਮਰਦ/ਔਰਤ), ਆਸ਼ਾ ਵਰਕਰ, ਨਰਸਿੰਗ ਵਿਦਿਆਰਥੀ ਅਤੇ ਬਰੀਡਿੰਗ ਚੈੱਕਰ ਸ਼ਾਮਲ ਸਨ।
ਟੀਮਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਝਾਇਆ ਕਿ ਡੇਂਗੂ ਕਿਵੇਂ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਕੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣਾ, ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਣਾ, ਅਤੇ ਪੁਰਾਣੇ ਟਾਇਰਾਂ, ਗਮਲਿਆਂ ਤੇ ਕੂਲਰਾਂ ਵਿੱਚੋਂ ਪਾਣੀ ਖਾਲੀ ਕਰਨਾ ਕਿੰਨਾ ਜ਼ਰੂਰੀ ਹੈ। ਇਸ ਤੋਂ ਇਲਾਵਾ, ਟੀਮਾਂ ਨੇ ਸਕੂਲ ਦੇ ਕੈਂਪਸ ਵਿੱਚ ਪਾਣੀ ਖੜ੍ਹਨ ਵਾਲੀਆਂ ਸਾਰੀਆਂ ਥਾਵਾਂ ਦੀ ਜਾਂਚ ਕੀਤੀ ਅਤੇ ਜਿੱਥੇ ਵੀ ਡੇਂਗੂ ਦਾ ਲਾਰਵਾ ਮਿਲਿਆ, ਉਨ੍ਹਾਂ ਕੰਟੇਨਰਾਂ ਨੂੰ ਤੁਰੰਤ ਖਾਲੀ ਕਰਵਾ ਕੇ ਸਾਫ਼ ਕਰਵਾਇਆ ਗਿਆ। ਇਸ ਮੁਹਿੰਮ ਦਾ ਮੰਤਵ ਲੋਕਾਂ ਨੂੰ ਜਾਗਰੂਕ ਕਰਕੇ ਡੇਂਗੂ ਦੇ ਖ਼ਤਰੇ ਨੂੰ ਘਟਾਉਣਾ ਹੈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ, ਸਰਬਜੀਤ ਸਿੰਘ, ਸੁਖਪਾਲ ਸਿੰਘ, ਗੁਰਜੰਟ ਸਿੰਘ, ਲੀਲਾ ਰਾਮ, ਗੁਰਦੀਪ ਸਿੰਘ,ਸਿਹਤ ਕਰਮਚਾਰੀ ਜਸਕਰਨ ਸਿੰਘ, ਰਵਿੰਦਰ ਕੁਮਾਰ, ਮਨੋਜ ਕੁਮਾਰ, ਸੁਖਵਿੰਦਰ ਸਿੰਘ, ਸੁਖਵੀਰ ਸਿੰਘ, ਮਲਕੀਤ ਸਿੰਘ, ਮੱਖਣ ਸਿੰਘ, ਗੁਰਦਰਸ਼ਨ ਸਿੰਘ, ਲਵਦੀਪ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਜਗਸੀਰ ਸਿੰਘ ਆਦਿ ਤੋਂ ਇਲਾਵਾ ਸਕੂਲ ਅਧਿਆਪਕ, ਸੀ ਐੱਚ ਓਜ, ਮਲਟੀਪਰਪਜ ਹੈਲਥ ਵਰਕਰ ਫੀਮੇਲ, ਆਸ਼ਾ ਵਰਕਰ, ਨਰਸਿੰਗ ਵਿਦਿਆਰਥੀ, ਬਰੀਡਿੰਗ ਚੈੱਕਰ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸਨ : ਡੀ ਏ ਵੀ ਸਕੂਲ ਮਾਨਸਾ ਵਿਖੇ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਗਤੀਵਿਧੀਆਂ ਦਾ ਦ੍ਰਿਸ਼।