ਝੋਨੇ ਦੀ ਖਰੀਦ ਤੇ ਚੁਕਾਈ ਦੇ ਕੰਮ ’ਚ ਲਿਆਂਦੀ ਜਾਵੇ ਤੇਜ਼ੀ
ਬਠਿੰਡਾ, 11 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 10 ਨਵੰਬਰ ਤੱਕ 1688.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਭਰ ਵਿਚ ਝੋਨੇ ਦੀ ਖਰੀਦ ਤੇ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਵਿਜਟ ਕੀਤਾ ਜਾਵੇ ਅਤੇ ਜੇਕਰ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿਚ ਕੋਈ ਦਿੱਕਤ ਨਾ ਆ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।