ਮਾਨਸਾ, 25 ਜੁਲਾਈ:
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ *ਤੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਜਿ਼ਲ੍ਹਾ ਪੱਧਰੀ ਟੀਮ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਦੀ ਟੀਮ ਦੇ ਇੰਚਾਰਜ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਨੇ ਪਿੰਡ ਕੋਟ ਲੱਲੂ, ਮੂਸਾ ਅਤੇ ਮਾਨਬੀਬੜੀਆਂ ਵਿਖੇ ਝੋਨੇ ਦੇ ਖੇਤਾਂ ਦਾ ਸਰਵੇਖਣ ਕੀਤਾ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੀਆਂ ਬਲਾਕ ਪੱਧਰੀ ਟੀਮਾਂ ਵੱਲੋਂ ਵੀ ਵੱਖ—ਵੱਖ ਪਿੰਡਾਂ ਵਿੱਚ ਝੋਨੇ ਦੇ ਬੂਟਿਆਂ ਵਿੱਚ ਮਧਰੇਪਣ ਦੇ ਰੋਗ ਸਬੰਧੀ ਸਰਵੇਖਣ ਕੀਤਾ ਗਿਆ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕੁੱਝ ਜਿ਼ਲਿ੍ਹਆਂ ਵਿੱਚ ਇਸ ਰੋਗ ਬਾਬਤ ਸੂਚਨਾ ਮਿਲਣ ਕਾਰਨ ਜਿ਼ਲ੍ਹਾ ਮਾਨਸਾ ਦੇ ਖੇਤੀਬਾੜੀ ਅਧਿਕਾਰੀਆਂ ਦੀਆਂ 05 ਬਲਾਕ ਪੱਧਰੀ ਟੀਮਾਂ ਦਾ ਗਠਨ ਕੀਤਾ ਗਿਆ, ਜੋ ਵੱਖ—ਵੱਖ ਪਿੰਡਾਂ ਵਿੱਚ ਜਾ ਕੇ ਝੋਨੇ ਦੇ ਮਧਰੇਪਣ ਦੇ ਰੋਗ ਦਾ ਪਤਾ ਲਗਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਝੋਨੇ ਦੇ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦਾ ਇੱਕ ਨਵਾਂ ਰੋਗ ਹੈ ਜੋ ਭਾਰਤ ਵਿੱਚ ਪਹਿਲੀ ਵਾਰ ਸੰਨ 2022 ਵਿੱਚ ਵੇਖਿਆ ਗਿਆ। ਇਹ ਰੋਗ ਇੱਕ ਵਿਸ਼ਾਣੂ ਰੋਗ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਦੇ ਕਾਰਨ ਦੀ ਪਹਿਚਾਣ ‘ਸਦਰਨ ਰਾਈਸ ਬਲੈਕ ਸਟਰੀਕਡ ਡਵਾਰਫ ਵਾਇਰਸ’ ਵਜੋਂ ਕੀਤੀ ਗਈ ਹੈ।
ਇਸ ਸਰਵੇਖਣ ਦੌਰਾਨ ਡਿਪਟੀ ਡਾਇਰੈਕਟਰ (ਕੇ.ਵੀ.ਕੇ), ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ, ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ—ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਜਾਂਦੇ ਹਨ। ਇਹ ਵਿਸ਼ਾਣੂ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਜੋ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਕੋਈ ਇਸ ਰੋਗ ਸਬੰਧੀ ਨਿਸ਼ਾਨੀ ਦਿਖਦੀ ਹੈ ਤਾਂ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਡਾ. ਹਰਪ੍ਰੀਤ ਸਿੰਘ, ਪੌਦਾ ਰੋਗ ਮਾਹਿਰ, ਡਾ. ਮਨਮੋਹਨ ਸਿੰਘ, ਪੌਦਾ ਰੋਗ ਮਾਹਿਰ, ਡਾ. ਰਜਨੀਸ਼, ਪਲਾਂਟ ਮਾਇਕੋਲੋਜਿਸਟ, ਡਾ. ਤੇਜਪਾਲ, ਡਾ. ਅਲੋਕ ਖੇਤੀਬਾੜੀ ਯੂਨੀਵਰਸਿਟੀ, ਲੁਧਿਆਾਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ, ਡਾ. ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਤੋਂ ਇਲਾਵਾ ਕਿਸਾਨ ਹਾਜ਼ਰ ਸਨ।
ਖੇਤੀਬਾੜੀ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਝੋਨੇ ਦੇ ਖੇਤਾਂ ਦਾ ਸਰਵੇਖਣ

Leave a comment