ਬੁਢਲਾਡਾ/ ਮਾਨਸਾ 5 ਜੂਨ (ਨਾਨਕ ਸਿੰਘ ਖੁਰਮੀ) ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਸੰਸਥਾ ਅਤੇ ਵੱਖ ਵੱਖ ਥਾਵਾਂ ਤੇ ਛਾਂਦਾਰ ਅਤੇ ਫਲਦਾਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਬੇਹੱਦ ਜ਼ਰੂਰੀ ਹਨ। ਸੰਸਥਾ ਵੱਲੋਂ ਕੀਤੇ ਜਾਂਦੇ ਅਜਿਹੇ ਯਤਨਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਆਉਂਦੀ ਹੈ ਅਤੇ ਵਿਦਿਆਰਥੀਆਂ ਨੂੰ ਉਤਸ਼ਾਹ ਮਿਲਦਾ ਹੈ। ਉਹ ਪਿੰਡਾਂ/ਸ਼ਹਿਰਾਂ ਵਿੱਚ ਆਪਣੇ ਹਮ-ਉਮਰ ਵਿਦਿਆਰਥੀਆਂ ਨਾਲ ਰਲ ਕੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਸੀ, ਇਸੇ ਤਹਿਤ ਪਿਛਲੇ ਸਮਿਆਂ ਤੋਂ ਸੰਸਥਾ ਦਾ ਕੌਮੀ ਸੇਵਾ ਯੋਜਨਾ ਵਿਭਾਗ ਅਜਿਹੇ ਯਤਨਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਹੈ। ਅੱਜ ਸੰਸਥਾ ਵਿੱਚ ਰੁੱਖ ਲਗਾਏ ਗਏ ਅਤੇ ਵਲੰਟੀਅਰਾਂ ਨੂੰ ਵੰਡੇ ਗਏ। ਵਾਈਸ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਨ੍ਹਾਂ ਰੁੱਖਾਂ ਦੀ ਸਾਂਭ ਸੰਭਾਲ ਲਈ ਖਾਸ ਵਿਧੀ ਵਿਧਾਨ ਬਣਾਇਆ ਗਿਆ ਹੈ, ਜਿਸ ਤਹਿਤ ਕਾਲਜ ਕੈਂਪਸ ਹਰਿਆ ਭਰਿਆ ਹੈ। ਪ੍ਰੋਗਰਾਮ ਅਫਸਰਾਂ ਨੇ ਸਾਂਝੇ ਰੂਪ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਥਾ ਵਿੱਚ ਪੜ੍ਹਦੇ ਹਰ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਉਹ ਆਪਣੇ ਗਲੀ ਗੁਆਂਢ/ਖੇਤ/ਘਰ ਵਿਖੇ ਪੌਦੇ ਲਗਾਉਂਦੇ ਹਨ। ਇਸ ਨਾਲ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਵੀ ਹੁੰਦੀ ਰਹਿੰਦੀ ਹੈ। ਇਸ ਮੌਕੇ ਡਾ. ਸੰਦੀਪ ਕੌਰ, ਪ੍ਰੋਗਰਾਮ ਅਫਸਰ ਗੁਰਦੀਪ ਸਿੰਘ, ਪ੍ਰੋ. ਰਮਨਦੀਪ ਸਿੰਘ, ਡਾ. ਗੀਤੂ, ਡਾ. ਸੀਤਲ ਬਜਾਜ, ਸ. ਅਮਨਪ੍ਰੀਤ ਸਿੰਘ ਅਤੇ ਵਲੰਟੀਅਰ ਸ਼ਾਮਿਲ ਸਨ।