24 ਅਕਤੂਬਰ (ਰਾਜਦੀਪ ਜੋਸ਼ੀ) ਬਠਿੰਡਾ: ਹੁਣ ਤਕ ਸੂਬੇ ਅੰਦਰ ਹੋਈ ਹਰ ਚੋਣ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ। ਹੁਣ ਵੀ ਸੂਬੇ ਦੀਆਂ ਚਾਰੇ ਜਿਮਨੀ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਇਹ ਵਿਚਾਰ ਆਮ ਆਦਮੀ ਪਾਰਟੀ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਕੰਮਾਂ ਨੂੰ ਦੇਖਦੇ ਸੂਬੇ ਦੇ ਲੋਕ ਪਹਿਲਾਂ ਦੀ ਤਰ੍ਹਾਂ ਇਨ੍ਹਾਂ ਜਿਮਨੀ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਹਿਲਾਂ ਹੀ ਜਿਮਨੀ ਚੋਣਾਂ ਲੜਨ ਤੋਂ ਭੱਜ ਚੁੱਕਾ ਹੈ, ਜਦੋਂ ਕਿ ਕਾਂਗਰਸ ਪਾਰਟੀ ਦਾ ਸੂਬੇ ਅੰਦਰ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੇਡਰ ਕਿਸੇ ਵਿਸ਼ੇਸ਼ ਵਿਅਕਤੀ ਦਾ ਨਹੀਂ ਸਗੋਂ ਉਹ ਆਮ ਆਦਮੀ ਪਾਰਟੀ ਦੀ ਸੋਚ ਨਾਲ ਜੁੜੇ ਹੋਏ ਲੋਕਾਂ ਦਾ ਸਮੂਹ ਹੈ। ਇਸ ਲਈ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਇਨ੍ਹਾਂ ਚੋਣਾਂ ਵਿਚ ਵੋਟਾਂ ਪਾ ਕੇ ਜਿਤਾਉਣਗੇ। ਭੱਲਾ ਨੇ ਕਿਹਾ ਕਿ ਗਿੱਦੜਬਾਹਾ ਦੀ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਲੋਕਾਂ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ ਜਿਸ ਕਾਰਨ ਉਹ ਇਸ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਵਿਚ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਪਹਿਲਾਂ ਦੀ ਤਰ੍ਹਾਂ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਮਨੀ ਚੋਣਾਂ ਵਿਚ ਮੋਰਚਾ ਸੰਭਾਲ ਲਿਆ ਹੈ।