–ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਲ ਅਧਿਕਾਰੀਆਂ ਨੂੰ ਐਨ.ਆਰ.ਆਈ. ਮਿਲਣੀ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਵਾਉਣ ਦੇ ਹੁਕਮ
9 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿੱਚ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ ਅਤੇ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਨ.ਆਰ.ਆਈ. ਮਿਲਣੀ ਬਾਰੇ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਐਨ.ਆਰ.ਆਈ. ਇਸ ਸਹੂਲਤ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਸ੍ਰੀ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸ਼ੁਰੂ ਕੀਤੀ ਐਨ.ਆਰ.ਆਈ. ਮਿਲਣੀ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।