- ਪਰਾਲੀ ਦੇ ਨਿਪਟਾਰੇ ਲਈ ਸਮਾਜ ਸੇਵੀ ਸੰਸਥਾਵਾਂ ਤੇ ਪੰਚਾਇਤਾਂ ਦਾ ਵੱਧ ਤੋਂ ਵੱਧ ਲਿਆ ਜਾਵੇ ਸਹਿਯੋਗ
- ਪਿੰਡਾਂ ’ਚ ਵੱਧ ਤੋਂ ਵੱਧ ਲਗਾਏ ਜਾਣ ਜਾਗਰੂਕਤਾ ਕੈਂਪ
- ਝੋਨੇ ਦੀ ਪਰਾਲੀ ਸਬੰਧੀ ਜ਼ੀਰੋ ਬਰਨਿੰਗ ਦੇ ਮੱਦੇਨਜ਼ਰ ਦਿੱਤੇ ਦਿਸ਼ਾ-ਨਿਰਦੇਸ਼
31 ਜੁਲਾਈ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਗਾਮੀ ਝੋਨੇ ਦੀ ਪਰਾਲੀ ਦੇ ਸਬੰਧ ਵਿਚ ਆਗਾਊਂ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਲਈ ਗੁਰੂ ਘਰਾਂ ’ਚ ਅਨਾਊਸਮੈਂਟਾਂ ਤੋਂ ਇਲਾਵਾ ਪਿੰਡਾਂ ’ਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ, ਨੁਕੜ ਨਾਟਕ ਮੋਬਾਇਲ ਵੈਨਾਂ ਰਾਹੀਂ ਪੈਂਫਲਟ ਵੰਡਣ ਅਤੇ ਦੀਵਾਰ ਪੇਂਟਿੰਗਾਂ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਦੇ ਨਿਪਟਾਰੇ ਤੇ ਇਸ ਦੀ ਸਾਂਭ-ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਤੇ ਪੰਚਾਇਤਾਂ ਤੇ ਆਗਾਂਹ ਵਧੂ ਸੋਚ ਰੱਖਣ ਵਾਲੇ ਕਿਸਾਨਾਂ ਦਾ ਵੱਧ ਤੋਂ ਵੱਧ ਸਹਿਯੋਗ ਵੀ ਲਿਆ ਜਾਵੇ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਝੋਨੇ ਪਰਾਲੀ ਦੇ ਨਿਪਟਾਰੇ ਲਈ ਵਰਤੋਂ ਕੀਤੇ ਜਾਣ ਵਾਲੇ ਆਧੁਨਿਕ ਸੰਦਾਂ ਸਬੰਧੀ ਅਤੇ ਇਨ੍ਹਾਂ ਸੰਦਾਂ ਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਇਹ ਵੀ ਕਿਹਾ ਪਰਾਲੀ ਦੇ ਨਿਪਟਾਰੇ ਲਈ ਵਰਤੇ ਜਾਣ ਵਾਲੇ ਬੇਲਰਾਂ ਤੇ ਹੋਰ ਆਧੁਨਿਕ ਮਸ਼ੀਨਰੀ ਦੀ ਲਿਸਟ ਤਿਆਰ ਕਰਕੇ ਪਿੰਡ ਪੱਧਰ ਤੇ ਛੋਟੇ ਤੋਂ ਛੋਟੇ ਕਿਸਾਨ ਤੱਕ ਇਸ ਦੀ ਸਹੂਲਤ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਦਾ ਫ਼ਾਇਦਾ ਵੱਧ ਤੋਂ ਵੱਧ ਕਿਸਾਨ ਪ੍ਰਾਪਤ ਕਰ ਸਕਣ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਕੋਲੋਂ ਝੋਨੇ ਦੀ ਪਰਾਲੀ ਦੀ ਹੋਰ ਵਧੀਆ ਢੰਗ ਨਾਲ ਕੀਤੀ ਜਾਣ ਵਾਲੀ ਸਾਂਭ-ਸੰਭਾਲ ਕਰਨ ਲਈ ਸੁਝਾਅ ਵੀ ਲਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਕਿ ਉਹ ਝੋਨੇ ਦੀ ਪਰਾਲੀ ਤੇ ਨਾੜ ਤੋਂ ਇਲਾਵਾ ਖੇਤਾਂ ਦੀਆਂ ਵੱਟਾਂ ਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਆਰ.ਟੀ.ਏ ਮੈਡਮ ਪੂਨਮ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਜੀਤ ਵਿਰਕ, ਸਮੂਹ ਬਲਾਕਾਂ ਦੇ ਬੀਡੀਪੀਓਜ਼, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।