ਸਮੂਹ ਅਧਿਕਾਰੀ ਸਮਾਗਮ ਦੌਰਾਨ ਸੇਵਾ ਭਾਵਨਾ ਨਾਲ ਡਿਊਟੀ ਕਰਨ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇ– ਡਿਪਟੀ ਕਮਿਸ਼ਨਰ ਨਵਜੋਤ ਕੌਰ
16 ਅਕਤੂਬਰ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਜ਼ਿਲ੍ਹਾ ਮਾਨਸਾ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਥਾਵਾਂ ‘ਤੇ ਕਰਵਾਏ ਜਾ ਰਹੇ ਕਵੀ ਦਰਬਾਰ ਅਤੇ ਕੀਰਤਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤ ਦੀ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕੀਤੇ ਜਾਣ ਤਾਂ ਜੋ ਸੰਗਤ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਸਬੰਧੀ ਅਨਾਊਂਸਮੈਂਟ ਰਾਹੀਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਵਿਚ ਸ਼ਮੂਲੀਅਤ ਕਰ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੌਰਾਨ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਕੀਤੀ ਜਾਵੇ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਾ. ਗੁਰਲੀਨ ਕੌਰ, ਆਈ.ਏ.ਐਸ., ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਐਸ.ਪੀ. (ਐਚ) ਪ੍ਰਦੀਪ ਸਿੰਘ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।