ਦੀਵਾਲੀ ਮੌਕੇ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ: ਭੀਮ ਸਿੰਘ ਫੌਜੀ
ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ ਦੁਪਹਿਰ 12 ਤੋਂ 1 ਵਜੇ ਦਰਮਿਆਨ ਹੋਵੇਗਾ
ਨਾਨਕ ਸਿੰਘ ਖੁਰਮੀ,ਮਾਨਸਾ 7 ਨਵੰਬਰ
ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਕੀਤਾ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਮ੍ਰਿਤਕ ਦੇਹ ਭਲਕੇ ਸਵੇਰੇ ਮਾਨਸਾ ਲਿਆਂਦੀ ਜਾਵੇਗੀ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਹੁਣ ਪੰਜਾਬ ਦੇ ਹਰ ਨੌਜਵਾਨ ਦੀ ਹੈ। ਦੀਵਾਲੀ ਦੀ ਖੁਸ਼ੀ ਉਸ ਵੇਲੇ ਹੀ ਸਾਰਥਕ ਹੋਵੇਗੀ, ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਣ ਦਾ ਸੰਕਲਪ ਲਵੇਗੀ।
ਇਹ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਪੰਜਾਬ ਦੀਆਂ ਸੰਘਰਸ਼ੀਲ ਧਿਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਫੋਟੋ 2 ਕੈਪਸ਼ਨ- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ।
