ਭੀਖੀ – 17 ਅਕਤੂਬਰ – Karan Bhiikhi – ਇੱਥੋਂ ਨੇੜਲੇ ਪਿੰਡ ਖੀਵਾ ਕਲਾਂ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਸੀ.ਪੀ.ਆਈ.(ਐਮ) ਦੇ ਜ਼ਿਲ੍ਹਾ ਸਕੱਤਰ ਕਾ. ਸਵਰਨਜੀਤ ਸਿੰਘ ਦਲਿਓ ਐਡਵੋਕੇਟ , ਸੀਟੂ ਦੇ ਜ਼ਿਲ੍ਹਾ ਸਕੱਤਰ ਕਾ. ਨਛੱਤਰ ਸਿੰਘ ਢੈਪਈ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਸ ਮੌਕੇ ਐਡਵੋਕੇਟ ਦਲਿਓ ਅਤੇ ਕਾ.ਢੈਪਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਕਿਰਤੀਆਂ ਦੀ ਪ੍ਰਮੁੱਖ ਅਤੇ ਲੜਾਕੂ ਜਥੇਬੰਦੀ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਮਨਰੇਗਾ ਮਜ਼ਦੂਰਾਂ ਦੇ ਹੱਕਾਂ ਹਿੱਤਾਂ ਲਈ ਡੱਟਕੇ ਲੜਾਈ ਲੜੇਗੀ। ਕਿਸੇ ਵੀ ਮਜ਼ਦੂਰਾਂ ਨਾਲ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਦਾ ਸ਼ਰੇਆਮ ਸ਼ੋਸਣ ਕੀਤਾ ਰਿਹਾ ਹੈ। ਮਨਰੇਗਾ ਐਕਟ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਮਜ਼ਦੂਰਾਂ ਨੂੰ ਜ਼ਲੀਲ ਅਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਜ਼ਦੂਰਾਂ ਦੀ ਬਜਾਏ ਚੋਣਵੇਂ ਮਜ਼ਦੂਰਾਂ ਨੂੰ ਕੰਮ ਦੇਣਾ , ਮਨਰੇਗਾ ਮਜ਼ਦੂਰਾਂ ਨੂੰ ਕੰਮ ਤੋਂ ਹਟਾਉਣ ਦੀਆਂ ਧਮਕੀਆਂ ਦੇਣਾ ਅਤੇ ਮੁੱਢਲੀ ਸਹਾਇਤਾ ਦਾ ਪ੍ਰਬੰਧ ਨਾ ਹੋਣਾ ਆਦਿ ਦੇ ਕਾਰਨ ਮਨਰੇਗਾ ਮਜ਼ਦੂਰਾਂ ਵਿੱਚ ਭਾਰੀ ਰੋਸ ਹੈ।
ਮਜ਼ਦੂਰ ਆਗੂਆਂ ਨੇ ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟੇ 8 ਤੋਂ ਵਧਾਕੇ 12 ਘੰਟੇ ਦੇ ਨੋਟੀਫਿਕੇਸ਼ਨ ਨੂੰ ਸੂਬੇ ਵਿੱਚ ਲਾਗੂ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਿਰਤੀ ਵਿਰੋਧੀ ਫ਼ੈਸਲੇ ਨੇ ਆਮ ਆਦਮੀ ਪਾਰਟੀ ਦਾ ਚਿਹਰਾ ਨੰਗਾ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਮਨਰੇਗਾ ਮਜ਼ਦੂਰਾਂ ਨਾਲ ਕੋਈ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ। ਉਕਤ ਆਗੂਆਂ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਥੇਬੰਦੀ ਦਾ ਵਫ਼ਦ ਸਬੰਧਤ ਅਧਿਕਾਰੀਆਂ ਨੇ ਮਿਲੇਗਾ।
ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਕਾ. ਹਰਨੇਕ ਸਿੰਘ ਖੀਵਾ , ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾ. ਬਲਜੀਤ ਸਿੰਘ ਖੀਵਾ, ਨੌਜਵਾਨ ਕਿਸਾਨ ਆਗੂ ਹਰਦੇਵ ਸਿੰਘ ਖੀਵਾ ਨੇ ਸੰਬੋਧਨ ਕੀਤਾ।
ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਇਕਾਈ ਖੀਵਾ ਕਲਾਂ ਦੀ ਚੋਣ ਵੀ ਕੀਤੀ ਗਈ।