ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਖਾਲੇ ਤੇ ਯੋਜਨਾਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ
14 ਅਕਤੂਬਰ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਮਾਨਸਾ ‘ਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ‘ਤੇ ਲਿਆਉਣਾ ਜਿਲ੍ਹਾ ਪ੍ਰਸ਼ਾਸਨ ਦਾ ਪ੍ਰਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਇਸੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਪਰਾਲੀ ਪ੍ਰਬੰਧਨ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਮਿਲ ਰਹੀ ਸਬਸਿਡੀ ਵਾਲੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਹੋਵੇ ਅਤੇ ਇਹ ਸਹੂਲਤ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਹਿਲ ਦੇ ਆਧਾਰ ‘ਤੇ ਦਿੱਤੀ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ‘ਜ਼ੀਰੋ ਬਰਨਿੰਗ’ ਦਾ ਟੀਚਾ ਪ੍ਰਾਪਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਜਨਤਕ ਮੀਟਿੰਗਾਂ ਕਰਕੇ ਲੋਕਾਂ ਨੂੰ ਪਰਾਲੀ ਸਾੜ੍ਹਨ ਨਾਲ ਮਨੁੱਖਾਂ, ਪਸ਼ੂ ਪੰਛੀਆਂ ਤੇ ਵਾਤਾਵਰਣ ‘ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਧਿਕਾਰੀ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿਚ ਚੌਕਸੀ ਰੱਖਣ।
ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਪ਼੍ਰਕਿਰਿਆ ਨੂੰ ਸੁਖਾਲੇ ਤੇ ਯੋਜਨਾਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਸਮੇਂ ਸਿਰ ਉਨ੍ਹਾਂ ਦੀ ਫਸਲ ਦੀ ਖਰੀਦ ਹੋ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਐਸ.ਪੀ. (ਐੱਚ) ਪ੍ਰਦੀਪ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲ ਮਨਦੀਪ ਸਿੰਘ ਮਾਨ ਤੇ ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਹਾਜ਼ਰ ਸਨ।
 
 

 
             
             
                                 
                             