ਸੰਗਰੂਰ, 25 ਮਈ (ਬੂਟਾ ਸਿੰਘ ਬੈਂਸ ਭੂਟਾਲ ਖੁਰਦ)
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀਆਂ ਪੀ.ਏ.ਯੂ. ਵੱਲੋਂ ਪ੍ਰਮਾਣਿਤ ਘੱਟ ਸਮੇਂ ਦੀਆਂ ਕਿਸਮਾਂ ਦੀ ਬਿਜਾਈ ਲਈ ਜਾਗਰੂਕਤਾ ਮੁਹਿੰਮ ਲਗਾਤਾਰ ਜ਼ਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਝੋਨੇ ਨੂੰ ਪਾਣੀ ਦੀ ਲੋੜ ਵੱਧ ਹੋਣ ਕਰਕੇ ਇਸ ਦੀਆਂ ਅਜਿਹੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ, ਜਿਹੜੀਆਂ ਪੱਕਣ ਵਿੱਚ ਘੱਟ ਸਮਾਂ ਲੈਂਦੀਆਂ ਹਨ ਅਤੇ ਘੱਟ ਪਾਣੀ ਦੀ ਖਪਤ ਕਰਦੀਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀਆਂ ਘੱਟ ਅਤੇ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਤਿਆਰ ਕੀਤੀਆਂ ਗਈਆਂ ਹਨ, ਜੋ ਖੇਤ ਵਿੱਚ ਪਨੀਰੀ ਲਾਉਣ ਤੋਂ ਬਾਅਦ 93-110 ਦਿਨਾਂ ਵਿੱਚ ਤਿਆਰ ਹੋ ਜਾਂਦੀਆਂ ਹਨ। ਇਹਨਾਂ ਕਿਸਮਾਂ ਦੀ ਪਰਾਲੀ ਵੀ ਘੱਟ ਹੁੰਦੀ ਹੈ। ਜਿਸ ਨੂੰ ਕਣਕ ਦੀ ਬਿਜਾਈ ਵੇਲੇ ਬਿਨਾਂ ਅੱਗ ਲਗਾਏ ਖੇਤ ਵਿੱਚ ਸਾਂਭਣਾ ਸੁਖਾਲਾ ਹੁੰਦਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀਆਂ ਲੰਮੇਂ ਸਮੇਂ ਦੀਆਂ ਕਿਸਮਾਂ ਜਿਵੇਂ ਕਿ ਪੂਸਾ 44, ਪੀਲੀ ਪੂਸਾ, ਆਦਿ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਲੁਆਈ ਤੋਂ ਬਾਅਦ ਪੱਕਣ ਲਈ 130-135 ਦਿਨ ਲੈਂਦੀਆਂ ਹਨ ਅਤੇ ਇਹਨਾਂ ਦੀ ਪਾਣੀ ਦੀ ਜ਼ਰੂਰਤ ਵੀ ਵੱਧ ਹੈ। ਉਹਨਾਂ ਦੱਸਿਆ ਕਿ ਝੋਨੇ ਦੀ ਦਰਮਿਆਨੇ ਸਮੇਂ ਦੀ ਨਵੀਂ ਕਿਸਮ ਪੀ ਆਰ 133 ਕਿਸਮ ਖੇਤ ਵਿੱਚ ਲਵਾਈ ਤੋਂ ਬਾਅਦ 110 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਕਿਸਮ ਦਾ ਔਸਤ ਝਾੜ 33.0 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਕੁਆਲਿਟੀ ਪੱਖੋਂ ਵੀ ਚੰਗੀ ਗੁਣਵੱਤਾ ਵਾਲੀ ਹੈ। ਇਸ ਕਿਸਮ ਵਿੱਚ ਕੁੱਲ ਚੌਲਾਂ ਦੀ ਮਾਤਰਾ 68.05 ਪ੍ਰਤੀਸ਼ਤ ਹੈ ਅਤੇ ਸਾਬਤ ਚੌਲਾਂ ਦੀ ਮਾਤਰਾ 62.03 ਪ੍ਰਤੀਸ਼ਤ ਹੈ। ਉਹਨਾਂ ਦੱਸਿਆ ਕਿ ਝੋਨੇ ਦੀ ਸਭ ਤੋਂ ਘੱਟ ਸਮੇਂ ਦੀ ਕਿਸਮ ਪੀ ਆਰ 126 ਖੇਤ ਵਿੱਚ ਲੁਆਈ ਤੋਂ ਬਾਅਦ ਸਿਰਫ 93 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ 30 ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ ਆਰ 132, ਪੀ ਆਰ 131, ਪੀ ਆਰ 128 ਅਤੇ ਪੀ ਆਰ 114 ਕਿਸਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਦਰਮਿਆਨੇ ਸਮੇਂ ਦੀਆਂ ਕਿਸਮਾਂ ਦੀ ਪਨੀਰੀ 20-25 ਮਈ ਦੇ ਦਰਮਿਆਨ ਬੀਜਣੀ ਚਾਹੀਦੀ ਹੈ। ਜਦਕਿ ਘੱਟ ਸਮੇਂ ਦੀ ਕਿਸਮ ਪੀ ਆਰ 126 ਦੀ ਪਨੀਰੀ 25 ਮਈ ਤੋਂ 20 ਜੂਨ ਤੱਕ ਬੀਜੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਉਪਰੋਕਤ ਸਾਰੀਆਂ ਕਿਸਮਾਂ ਦੇ ਬੀਜ ਹਫਤੇ ਦੇ ਸਾਰੇ ਦਿਨ ਮਿਲਦੇ ਹਨ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਟੀਮ ਵੱਲੋਂ ਰੋਜ਼ਾਨਾ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਨਾਲ ਪਾਣੀ ਦੀ ਬੱਚਤ ਦੇ ਨਾਲ-ਨਾਲ ਫ਼ਸਲ ਉਤਪਾਦਨ ਦਾ ਖਰਚਾ ਵੀ ਘਟਾਇਆ ਜਾ ਸਕਦਾ ਹੈ।
