– ਧੂਰੀ ਹਲਕੇ ਦੇ 2 ਦਰਜਨ ਤੋਂ ਵੱਧ ਪਿੰਡਾਂ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਵਿਸ਼ਾਲ ਰੋਸ ਰੈਲੀ ਦਾ ਆਯੋਜਨ
– ਵੱਖ ਵੱਖ ਪਿੰਡਾਂ ਦੇ ਲੋਕਾਂ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦਾ ਐਲਾਨ, ਕਿਹਾ ਸਰਕਾਰ ਬਿਨਾ ਦੇਰੀ ਆਪਣੇ ਵਾਅਦਾ ਪੂਰਾ ਕਰੇ
03 ਅਕਤੂਬਰ (0000) ਜਿੱਥੇ ਇੱਕ ਪਾਸੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆ ਜਾਇਜ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਬੀਤੀ 1 ਸਤੰਬਰ ਤੋਂ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਉਥੇ ਦੂਜੇ ਪਾਸੇ ਪੰਜਾਬ ਭਰ ਵਿਚ ਲਗਾਤਾਰ ਸੰਘਰਸ਼ੀ ਐਕਸ਼ਨ ਵੀ ਉਲੀਕੇ ਜਾ ਰਹੇ ਹਨ। ਇਸੇ ਲੜੀ ਦੇ ਅਧੀਨ ਅੱਜ ਸੂਬੇ ਭਰ ਤੋਂ ਕੰਪਿਊਟਰ ਅਧਿਆਪਕਾਂ ਵੱਲੋਂ ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ’ ਦੇ ਬੈਨਰ ਹੇਠ ਧੂਰੀ ਵਿਖੇ ਇਕੱਤਰ ਹੁੰਦੇ ਹੋਏ ਸਭ ਤੋਂ ਪਹਿਲਾਂ ਮੁੱਖ ਮੰਤਰੀ ਦੇ ਦਫਤਰ ਅੱਗੇ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਵੱਲੋਂ ਇੱਕ ਵੱਡੇ ਕਾਫਲੇ ਦੇ ਰੂਪ ਵਿਚ ਧੂਰੀ ਹਲਕੇ ਦੇ ਲਗਭਗ 2 ਦਰਜਨ ਤੋਂ ਵੱਧ ਪਿੰਡਾਂ ਵਿਚ ਰੋਸ ਰੈਲੀ ਕੀਤੀ ਗਈ।
ਇਸ ਰੋਸ ਰੈਲੀ ਵਿਚ ਜ਼ਿਲ੍ਹਾ ਇਕਾਈ ਦੇ ਆਗੂਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਪਿੰਡਾਂ ਦੀਆਂ ਸੱਥਾਂ ਵਿਚ ਪਹੁੰਚ ਕੇ ਪਹਿਲਾਂ ਤਾਂ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ ਗਈ ਦੇ ਮਗਰੋਂ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਬਾਰੇ ਦੱਸਿਆ, ਕੰਪਿਊਟਰ ਅਧਿਆਪਕਾਂ ਨੇ ਉਨ੍ਹਾਂ ਦੇ ਸਾਥੀ ਜਿਨ੍ਹਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ ਦੇ ਰੁਲ਼ ਰਹੇ ਪਰਿਵਾਰਾਂ ਦਾ ਦਰਦ ਬਿਆਨ ਕਰਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਗਈਆਂ, ਸਕੂਲਾਂ ਵਿਚ ਕੀੰਪਊਟਰ ਲੈਬਜ਼ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ਼ ਨਾਲ ਆਮ ਆਦਮੀ ਪਾਰਟੀ ਦੀ ਸਾਰੀ ਆਗੂਆਂ ਵੱਲੋਂ ਉਹਨਾਂ ਦੀ ਸਰਕਾਰ ਬਣਨ ਤੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾ ਦੇਰੀ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਹੁਣ ਹਾਲਾਤ ਇਹ ਹੈ ਕਿ ਮੁੱਖ ਮੰਤਰੀ ਵੱਲੋਂ 30 ਤੋਂ ਵੱਧ ਵਾਰ ਉਹਨਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਤਾਂ ਅਤੇ ਇੱਕ ਵਾਰ ਵੀ ਉਹਨਾਂ ਨਾਲ ਮੀਟਿੰਗ ਨਹੀਂ ਕੀਤੀ ਗਈ। ਵਿੱਤ ਮੰਤਰੀ ਹਰਪਾਲ ਚੀਮਾ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਰਹੇ ਹਨ। ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਉਹਨਾਂ ਨੂੰ ਲਾਰੇ ਹੀ ਲਗਾਏ ਜਾ ਰਹੇ ਹਨ। 15 ਸਤੰਬਰ 2022 ਨੂੰ ਉਹਨਾਂ ਵੱਲੋਂ ਦਿਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਹ ਐਲਾਨ ਕੋਰਾ ਝੂਠ ਸਾਬਿਤ ਹੋਇਆ ਹੈ। ਇਸ ਰੈਲੀ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਬੇਨੜਾ,ਲੱਡਾ,ਪੇਧਨੀ,ਪੁੰਨਾਵਾਲ, ਹਸਨਪੁਰ,ਬੁਗਰਾ, ਰਣੀਕੇ ਅਤੇ ਹੋਰ ਧੂਰੀ ਹਲਕੇ ਦੇ 2 ਦਰਜਨ ਤੋਂ ਵੱਧ ਪਿੰਡਾਂ ਦਾ ਵਿਚ ਵੱਖ ਵੱਖ ਟੀਮਾਂ ਬਣਾ ਕੇ ਇਹ ਰੋਸ ਰੈਲੀ ਕੀਤੀ ਗਈ। ਇਸ ਮੌਕੇ ਕੰਪਿਊਟਰ ਅਧਿਆਪਕਾਂ ਵੱਲੋਂ ਉਨ੍ਹਾਂ ਦੀ ਹੱਡਬੀਤੀ ਬਿਆਨ ਕਰਦੇ ਪੰਫਲੇਟ ਵੀ ਵੰਡੇ ਗਏ ਅਤੇ ਜਨਤਕ ਥਾਵਾਂ ਤੇ ਚਸਪਾ ਕੀਤੇ ਗਏ।
ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਕੀ ਕਰਮਚਾਰੀਆਂ ਵਾਂਗੂੰ ਉਨਾਂ ਨੂੰ ਹਾਲੇ ਤੱਕ ਛੇਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ ਜਦੋਂ ਕਿ ਉਨਾਂ ਨੂੰ ਪਹਿਲਾਂ 5ਵੇਂ ਪੇ ਕਮਿਸ਼ਨ ਦੇ ਅਨੁਸਾਰ ਤਨਖਾਹ ਮਿਲ ਰਹੀ ਹੈ। ਕਿਸੇ ਵੀ ਕੰਪਿਊਟਰ ਅਧਿਆਪਕ ਨੂੰ ਅੱਜ ਤੱਕ ਮੈਡੀਕਲ ਰਿੰਬਰਸਮੈਂਟ ਦਾ ਲਾਭ ਨਹੀਂ ਦਿੱਤਾ ਗਿਆ ਹੈ। ਸੂਬੇ ਭਰ ਦੇ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਪਰ ਬਾਕੀ ਕਰਮਚਾਰੀਆਂ ਵਾਂਗੂੰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕਿਸਮ ਦਾ ਵਿੱਤੀ ਲਾਭ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਜੋ ਕਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਉਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਸਮੇਤ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਦੇ ਸੰਘਰਸ਼ ਵਿਚ ਸਾਥ ਦੇਣ ਦਾ ਐਲਾਨ ਕੀਤਾ ਅਤੇ ਮੁੱਖ ਮੰਤਰੀ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਬਿਨਾ ਸ਼ਰਤ ਅਤੇ ਬਿਨਾ ਦੇਰੀ ਪੂਰਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ, ਗੁਰਬਖਸ਼ ਲਾਲ, ਨਾਇਬ ਸਿੰਘ ਬੁੱਕਣਵਾਲ, ਨਵਜੋਤ ਸਿੰਘ, ਜਸਵਿੰਦਰ ਸਿੰਘ, ਰੰਜਨ ਭਨੋਟ, ਹਰਜਿੰਦਰ ਸਿੰਘ, ਹਰਪ੍ਰੀਤ ਸਾਹਨੇਵਾਲ, ਗੁਰਪ੍ਰੀਤ ਕੌਰ, ਸਵਰਣ ਸਿੰਘ ਮਾਣੂਕੇ, ਹਰਕਮਲਜੀਤ ਸਿੰਘ, ਸੇਰਪੁਰ ਕਲਾਂ, ਗਗਨਦੀਪ ਸਿੰਘ ਫੇਰੂਰਾਈ, ਰਣਜੀਤ ਸਿੰਘ ਝੋਰਡਾਨਵੀਨ ਸ਼੍ਰੀਵਾਸਤਵ ਦੇ ਨਾਲ ਨਾਲ ਨਾਲ਼ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜਰ ਸਨ।