*ਡਿਪਟੀ ਕਮਿਸ਼ਨਰ ਨੇ ਉੱਦਮੀ ਨੌਜਵਾਨ ਦੀ ਕੀਤੀ ਸ਼ਲਾਘਾ
*ਕਿਸਾਨ ਉਦਮੀ ਨੌਜਵਾਨ ਗੁਰਪ੍ਰੀਤ ਸਿੰਘ ਤੋਂ ਪ੍ਰੇਰਨਾ ਲੈ ਕੇ ਪਰਾਲੀ ਦਾ ਪ੍ਰਬੰਧਨ ਕਰਨ-ਡਿਪਟੀ ਕਮਿਸ਼ਨਰ
14 ਅਕਤੂਬਰ (ਕਰਨ ਭੀਖੀ) ਮਾਨਸਾ: ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਖੇਤ ਵਿੱਚੋਂ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਵਿਖੇ ਪਹੁੰਚਾਈ ਹੈ। ਨੌਜਵਾਨ ਕਿਸਾਨ ਦੇ ਖੇਤ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਇਸ ਕਿਸਾਨ ਤੋਂ ਪ੍ਰੇਰਿਤ ਹੋ ਕੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਵੱਖ ਵੱਖ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜਾ ਪ੍ਰਬੰਧ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤ ਵਿੱਚੋਂ ਪਰਾਲੀ ਇਕੱਠੀ ਕਰਕੇ ਨਜ਼ਦੀਕੀ ਗਊਸ਼ਾਲਾ ਨੂੰ ਪਹੁੰਚਾਈ ਜਾਵੇ ਤਾਂ ਜੋ ਹਰੇ ਚਾਰੇ ਨਾਲ ਪਰਾਲੀ ਨੂੰ ਮਿਲਾ ਕੇ ਪਸ਼ੂਆਂ ਨੂੰ ਪਾਈ ਜਾ ਸਕੇ। ਇਸ ਤਰ੍ਹਾਂ ਕਰਨ ਨਾਲ ਪਰਾਲੀ ਦਾ ਪ੍ਰਬੰਧਨ ਵੀ ਸੁਚੱਜੇ ਢੰਗ ਨਾਲ ਹੋ ਜਾਂਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਨਹੀਂ ਹੁੰਦਾ।
ਮੁੱਖ ਖੇਤੀਬਾੜੀ ਅਫਸਰ, ਸ੍ਰ. ਹਰਵਿੰਦਰ ਸਿੰਘ ਨੇ ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਿਸਾਨ ਨੇ ਘੱਟ ਸਮਾਂ ਲੈਣ ਵਾਲੇ ਝੋਨੇ ਦੀ ਕਿਸਮ ਬਾਸਮਤੀ 1509 ਬੀਜੀ ਸੀ, ਇਸ ਕਿਸਮ ਦਾ ਪਰਾਲ ਘੱਟ ਹੁੰਦਾ ਹੈ ਅਤੇ ਸੌਖਿਆਂ ਹੀ ਇਕੱਠਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾ ਨੂੰ ਅੱਗ ਲਗਾਉਣ ਦੀ ਬਜਾਇ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਗਈ ਮਸ਼ੀਨਰੀ ਜਿਵੇਂ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਸੁਪਰ ਐਸ.ਐਮ.ਐਸ, ਜੀਰੋ ਟਰਿੱਲ ਨਾਲ ਪਰਾਲੀ ਦਾ ਪ੍ਰਬੰਧਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਲੱਗੀ ਕੰਬਾਇਨ ਨਾਲ ਕਰਨ ਲਈ ਕਿਹਾ ਤਾਂ ਜ਼ੋ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧ ਅਸਾਨੀ ਨਾਲ ਹੋਵੇ।
ਇਸ ਮੌਕੇ ਸ੍ਰੀ ਕਰਨਵੀਰ ਸਿੰਘ, ਸਾਇੰਸਦਾਨ ਸੈਂਟਰ ਪ੍ਰਦੂਸ਼ਣ ਕੰਟਰੋਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ, ਸ੍ਰੀ ਰਾਜੇਸ਼ ਜੈਨ, ਮੁੱਖ ਪ੍ਰਬੰਧਕ ਗਊਸ਼ਾਲਾ, ਬੁਢਲਾਡਾ, ਸ੍ਰੀ ਬਲਜੀਤ ਸਿੰਘ, ਜੇ.ਟੀ. ਤੋਂ ਇਲਾਵਾ ਪਿੰਡ ਦੇ ਕਿਸਾਨ ਮੌਜੂਦ ਸਨ।