*ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
*ਕੈਂਪ ’ਚ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕਰਵਾਇਆ ਜਾਣੂ
*ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕ ਸੁਵਿਧਾ ਕੈਂਪ ਪੜਾਅਵਾਰ ਜਾਰੀ ਰਹਿਣਗੇ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 11 ਜੁਲਾਈ:
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ, ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਭਵਿੱਖ ਵਿੱਚ ਆਪਣੇ ਕੰਮਕਾਰ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਬੇਵਜ੍ਹਾ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਬ ਡਵੀਜ਼ਨ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਪੜਾਅਵਾਰ ਆਰੰਭਿਆ ਗਿਆ ਹੈ ਤਾਂ ਜੋ ਲੋਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਰੱਖਣ ਵਾਲੇ ਵਿਭਾਗਾਂ ਨਾਲ ਸਬੰਧਿਤ ਜ਼ਰੂਰਤਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਪੂਰਾ ਕੀਤਾ ਜਾ ਸਕੇ।
ਕੈਂਪ ਦੌਰਾਨ ਐਸ.ਡੀ.ਐਮ. ਸ੍ਰ. ਮਨਜੀਤ ਸਿੰਘ ਰਾਜਲਾ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਇੰਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਪਿੰਡ ਸਮਾਓਂ ਸਮੇਤ ਪਿੰਡ ਖੀਵਾ ਕਲਾਂ, ਹੀਰੋ ਕਲਾਂ, ਮੱਤੀ, ਖੀਵਾ ਖ਼ੁਰਦ, ਖੀਵਾ ਦਿਆਲੂ ਵਾਲਾ, ਮੌਜੋ ਕਲਾਂ, ਮੌਜੋ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ ਅਤੇ ਗੁੜਥੜੀ ਦੇ ਲੋਕਾਂ ਨੇ ਸਰਕਾਰੀ ਸੇਵਾਵਾਂ ਦਾ ਲਾਹਾ ਲਿਆ। ਇਸ ਮੌਕੇ ਤਹਿਸੀਲਦਾਰ ਮਾਨਸਾ ਸ੍ਰ. ਪ੍ਰਵੀਨ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਤਸਵੀਰਾਂ 1 ਅਤੇ 2
‘ਆਪ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਸਮਾਓਂ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਲੋਕ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਦੇ ਹੋਏ।