*ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ
ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ-ਡਿਪਟੀ ਕਮਿਸ਼ਨਰ
*ਝਾਕੀਆਂ ਸਰਦੂਲਗੜ੍ਹ ਲਈ ਰਵਾਨਾ, ਵੀਰਵਾਰ ਨੂੰ ਅਗਲੇ
ਸਫ਼ਰ ਲਈ ਬਠਿੰਡਾ ਪੁੱਜਣਗੀਆਂ
07 ਫਰਵਰੀ (ਕਰਨ ਭੀਖੀ) ਮਾਨਸਾ: ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਬੀਤੀ ਸ਼ਾਮ ਮਾਨਸਾ ਵਿਖੇ ਪੁੱਜੀਆਂ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਇਲਾਕਾ ਵਾਸੀਆਂ ਸਮੇਤ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਵੱਲੋਂ ਇੰਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਨਵੀਂ ਅਨਾਜ ਮੰਡੀ ਮਾਨਸਾ ਵਿਖੇ ਪ੍ਰਦਰਸ਼ਿਤ ਇੰਨ੍ਹਾਂ ਝਾਕੀਆਂ ਨੂੰ ਵੇਖਣ ਆਏ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਲਿ੍ਹਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਵੱਲੋਂ ਅੱਜ ਇਨ੍ਹਾਂ ਝਾਕੀਆਂ ਨੂੰ ਸਰਦੂਲਗੜ੍ਹ ਲਈ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮਾਨਸਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇੰਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ।
ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਅਤੇ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ। ਵੀਰਵਾਰ ਨੂੰਝਾਕੀਆਂ ਸਰਦੂਲਗੜ੍ਹ ਤੋਂ ਬਠਿੰਡਾ ਲਈ ਆਪਣੇ ਸਫ਼ਰ ਦੀ ਸ਼ੁਰੂਆਤ ਕਰਨਗੀਆਂ।
ਤਸਵੀਰਾਂ
1 ਅਤੇ 2
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਮਾਨਸਾ ਪੁੱਜਣ ’ਤੇ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਇਲਾਕਾ ਵਾਸੀਆਂ ਸਮੇਤ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ।
3 ਅਤੇ 4
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਅਗਲੇ ਸਰਦੂਲਗੜ੍ਹ ਲਈ ਰਵਾਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਡੀ.ਐਮ. ਸ੍ਰ ਮਨਜੀਤ ਸਿੰਘ ਰਾਜਲਾ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਹੋਰ।