ਆਖਰੀ ਦਿਨ ਘਰ-ਘਰ ਜਾ ਕੇ ਬੱਚਿਆ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ
14 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖ-ਰੇਖ ਵਿੱਚ ਅੱਜ ਪਲਸ ਪੋਲੀਓ ਮੁਹਿੰਮ ਦੇ ਆਖਰੀ ਦਿਨ ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਮਿੱਥਿਆ ਟੀਚਾ ਪੂਰਾ ਕਰ ਲਿਆ ਗਿਆ ਹੈ।
ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਤੋਂ 14 ਅਕਤੂਬਰ ਤੱਕ ਤਿੰਨ ਦਿਨਾਂ ਦਾ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਚਲਾਇਆ ਗਿਆ ਸੀ, ਜਿਸ ਦੌਰਾਨ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਗਈਆਂ, ਜਿਸ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਆਂਗਣਵਾੜੀ ਵਰਕਰ-ਹੈਲਪਰ, ਸਵੈ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ।
ਸਿਵਲ ਸਰਜਨ ਨੇ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਮਿਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਅਸੀਂ ਰਲ-ਮਿਲ ਕੇ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜ਼ਰੂਰਤ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਸਮੂਹ ਵਿਭਾਗਾਂ, ਆਮ ਲੋਕਾਂ, ਸਮਾਜ ਸੇਵੀ ਸੰਸਥਾਵਾਂ, ਸਿਹਤ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ, ਆਸ਼ਾ ਵਰਕਰਾਂ ਅਤੇ ਮੀਡੀਆ ਦਾ ਇਸ ਮੁਹਿੰਮ ਨੂੰ ਸਫ਼ਲ ਬਨਾਉਣ ਲਈ ਧੰਨਵਾਦ ਕੀਤਾ।


 
             
             
                                 
                             