ਮਾਨਸਾ, 6 ਅਗਸਤ
ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਦੇ ਉਲੀਕੇ ਹੋਏ ਪ੍ਰੋਗਰਾਮਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਵੱਡੇ ਇਕੱਠ ਕਰਨ ਦੀ ਖਾਤਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ,ਮਜ਼ਦੂਰਾਂ,ਨੌਜਵਾਨਾਂ ਅਤੇ ਔਰਤਾਂ ਨੂੰ ਲਾਮਬੰਦ ਕਰਨ ਲਈ ਜਨਤਕ ਮੁਹਿੰਮ ਵਿੱਢੀ ਹੋਈ ਹੈ।
ਅੱਜ ਜ਼ਿਲ੍ਹਾ ਦੇ ਪਿੰਡ ਅਕਲੀਆ, ਜੋਗਾ, ਅਨੂਪਗੜ੍ਹ ਵਿੱਚ ਭਰਵੇਂ ਇਕੱਠ ਹੋਏ, ਇਸ ਇਕੱਠ ਦੌਰਾਨ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਘਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਸਭ ਕੁੱਝ ਲੁਟਾਉਣ ਲਈ ਤਰਲੋ ਮੱਛੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਨ ਵਾਲੇ ਸੰਗਠਨਾਂ ਅਤੇ ਲੋਕਾਂ ਦੇ ਉਤੇ ਪੁਲੀਸ ਜਬਰ ਢਹਾਇਆ ਜਾ ਰਿਹਾ ਹੈ, ਜਿਸਦੇ ਵਿਰੋਧ ਵਿੱਚ 8 ਅਗਸਤ ਨੂੰ ਮੋਗਾ ਵਿੱਚ ਇੱਕ ਵੱਡੀ ਜਨਤਕ ਰੈਲੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਕੇਂਦਰੀ ਹੂਕਮਤ, ਅਮਰੀਕਾ ਸਰਕਾਰ ਅੱਗੇ ਗੋਢੇ ਟੇਕਣ ਜਾ ਰਹੀ ਹੈ ਅਤੇ ਅਮਰੀਕਾ ਵਸਤਾਂ ’ਤੇ ਲੱਗੇ ਹੋਏ ਹਰ ਤਰ੍ਹਾਂ ਦੇ ਟੈਕਸ ਹਟਾਉਣ ਜਾ ਰਹੀ ਹੈ, ਜਿਸ ਨਾਲ ਡਾਇਰੀ ਅਤੇ ਖੇਤੀ ਦਾ ਕਾਰੋਬਾਰ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਖਿਲਾਫ਼ ਪੂਰੇ ਦੇਸ਼ ਵਿੱਚ ਮੋਦੀ,ਟਰੰਪ ਦੀਆਂ ਅਰਥੀਆਂ ਜ਼ਿਲ੍ਹਾ ਹੈਡ ਕੁਆਟਰਾਂ ’ਤੇ ਸਾੜੀਆਂ ਜਾਣਗੀਆਂ।
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਰੋਕਣ ਦਾ ਫੈਸਲਾ ਕਰ ਚੁੱਕੀ ਹੈ ਅਤੇ ਇਸਦੇ ਪਹਿਲੇ ਪੜਾਅ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਦੀ 65 ਹਜ਼ਾਰ ਏਕੜ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਐਕੁਆਇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਵਿਸ਼ਵ ਬੈਂਕ ਦੀਆਂ ਹਦਾਇਤਾਂ ’ਤੇ ਸਮਰਾਜੀ ਕੰਪਨੀਆਂ ਨੂੰ ਪੰਜਾਬ ਵਾਹੀਯੋਗ ਜ਼ਮੀਨ ਦੇਣ ਲਈ ਅਜਿਹੇ ਫੈਸਲੇ ਲਏ ਜਾ ਰਹੇ ਹਨ, ਜਿਸ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰਵਾਉਣ ਲਈ 24 ਅਗਸਤ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਸ਼ਹਿਰ ’ਚ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਲੱਖਾਂ ਕਿਸਾਨਾਂ ਸ਼ਾਮਲ ਹੋਣਗੇ। ਇਨ੍ਹਾਂ ਪ੍ਰੋਗਰਾਮਾਂ ਦੀ ਕਾਮਯਾਬੀ ਲਈ ਅਤੇ ਪੰਜਾਬ ਨੂੰ ਜ਼ਮੀਨ ਰੋਕਣ ਵਾਲਾ ਫੈਸਲਾ ਰੱਦ ਕਰਵਾਉਣ ਲਈ ਮਜ਼ਬੂਰ ਕਰਨ ਵਾਸਤੇ ਪਿੰਡਾਂ ਵਿੱਚ ਹਰ ਵਰਗ ਦੇ ਲੋਕਾਂ ਕੋਲ ਪਹੁੰਚ ਕੀਤੀ ਜਾਵੇਗੀ।
ਇਸ ਮੌਕੇ ਭੋਲਾ ਸਿੰਘ ਮਾਖਾ,ਸਾਧੂ ਸਿੰਘ ਅਕਲੀਆ ਨੇ ਵੀ ਸੰਬੋਧਨ ਕੀਤਾ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ,ਮਜ਼ਦੂਰਾਂ,ਨੌਜਵਾਨਾਂ ਅਤੇ ਔਰਤਾਂ ਨੂੰ ਲਾਮਬੰਦ ਕਰਨ ਲਈ ਜਨਤਕ ਮੁਹਿੰਮ ਵਿੱਢੀ ਹੋਈ ਹੈ

Leave a comment