ਮਨਜ਼ੂਰ ਕੀਤੀ ਰਕਮ ਦੇ ਚੈੱਕ ਜਲਦ ਕਿਸਾਨਾਂ ਨੂੰ ਸੌਂਪੇ ਜਾਣਗੇ
ਸਰਦੂਲਗੜ੍ਹ/ਮਾਨਸਾ, 15 ਜੁਲਾਈ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨ ਹਿਤੈਸ਼ੀ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੁਦਰਤੀ ਆਫ਼ਤਾਂ ਨਾਲ ਨੁਕਸਾਨੀਆਂ ਫਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।
ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪਿਛਲੇ ਦਿਨੀ ਕੁਦਰਤੀ ਕਹਿਰ, ਭਾਰੀ ਮੀਂਹ ਅਤੇ ਗੜੇਮਾਰੀ ਕਰਕੇ ਹਲਕਾ ਸਰਦੂਲਗੜ੍ਹ ਦੇ ਬਲਾਕ ਝੁਨੀਰ ਦੇ ਪਿੰਡ ਲਾਲਿਆਂਵਾਲੀ ,ਕੋਰਵਾਲਾ, ਭੰਮੇ ਖੁਰਦ, ਖਿਆਲੀ ਚਹਿਲਾਂਵਾਲੀ, ਦਾਨੇਵਾਲਾ, ਚਚੋਹਰ, ਭੰਮੇ ਕਲਾਂ, ਰਾਮਾਨੰਦੀ, ਝੇਰਿਆਂਵਾਲੀ, ਬੀਰੇਵਾਲਾ ਜੱਟਾਂ ਆਦਿ ਵਿਖੇ ਪੱਕੀਆਂ ਫ਼ਸਲਾਂ ਦਾ ਨੁਕਸਾਨ ਹੋ ਗਿਆ ਸੀ।
ਉਨ੍ਹਾਂ ਦੱਸਿਆ ਕਿ ਸਬੰਧਤ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਜਾਇਜ਼ਾ ਲੈਣ ਉਪਰੰਤ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਨੂੰ ਅਪੀਲ ਕੀਤੀ ਗਈ ਸੀ ਤਾਂ ਜੋ ਕਿਸਾਨਾਂ ਨੂੰ ਰਾਹਤ ਦਿਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਨੁਕਸਾਨੀਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ।
ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੰਨ੍ਹਾਂ ਪਿੰਡਾਂ ਦੀਆਂ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਵੱਲੋਂ 03 ਕਰੋੜ 82 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਨਜ਼ੂਰ ਕੀਤੀ ਗਈ ਰਕਮ ਦੇ ਚੈੱਕ ਜਲਦ ਹੀ ਕਿਸਾਨਾਂ ਨੂੰ ਸੌਂਪੇ ਜਾਣਗੇ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਕਿਸਾਨ ਦੀ ਤਰੱਕੀ ਹੀ ਦੇਸ਼ ਦੀ ਤਰੱਕੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਅੰਨਦਾਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਹ ਕਿਸਾਨਾਂ ਦੀ ਹਰ ਸਮੱਸਿਆ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਵਚਨਬੱਧ ਹਨ।