Mansa_19 Oct.
ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਕਲਾ ਅਤੇ ਸੱਭਿਆਚਾਰ ਦੇ ਖੇਤਰ ਨਾਲ ਜੋੜਨ ਲਈ ਬਿਹਤਰੀਨ ਉਪਰਾਲੇ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਪਿਛਲੇ ਦਿਨੀਂ ਸ਼ਿਵ ਸ਼ਕਤੀ ਕਾਲਜ ਆਫ਼ ਐਜੂਕੇਸ਼ਨ, ਭੀਖੀ ਵਿਖੇ ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਅਗਵਾਈ ਹੇਠ ਆਯੋਜਿਤ ਜ਼ੋਨਲ ਯੂਥ ਫੈਸਟੀਵਲ 2026 ਦੌਰਾਨ ਮਾਈ ਭਾਗੋ ਸੰਸਥਾ ਰੱਲਾ ਦੇ ਵਿਦਿਆਰਥੀਆਂ ਨੇ ਮਾਨਸਾ ਜ਼ੋਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਯੂਥ ਕੋਆਰਡੀਨੇਟਰ ਅਸਿ.ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਸੂਖਮ ਕਲਾਵਾਂ ਅਤੇ ਪ੍ਰਦਰਸ਼ਨੀ ਨਾਲ ਸਬੰਧਿਤ ਵੰਨਗੀਆਂ ਵਿੱਚ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਰਾਵਾ ਪ੍ਰਦਰਸ਼ਨੀ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਭਾਸ਼ਣ ਮੁਕਾਬਲੇ ਵਿੱਚ ਡਿਗਰੀ ਕਾਲਜ ਨੇ ਪਹਿਲਾ ਅਤੇ ਕਾਲਜ ਆਫ਼ ਐਜੂਕੇਸ਼ਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਯੁਵਕ ਮੇਲੇ ਦੀਆਂ ਹੋਰ ਵੰਨਗੀਆਂ, ਜਿਵੇਂ ਲੋਕ ਗੀਤ (ਲੰਮੀਆਂ ਹੇਕਾਂ) ਅਤੇ ਸੱਭਿਆਚਾਰਕ ਕੁਇਜ਼ ਮੁਕਾਬਲੇ ਵਿੱਚ ਵੀ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਲਾ, ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਮੰਚ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਰਚਨਾਤਮਕਤਾ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਕਲਾ, ਸੱਭਿਆਚਾਰਕ ਅਤੇ ਬੌਧਿਕ ਯੋਗਤਾਵਾਂ ਨੂੰ ਵਿਕਸਿਤ ਕਰਨਾ ਵੀ ਹੈ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸੰਸਥਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਵੀ ਆਪਣੀ ਵਿਲੱਖਣ ਪਛਾਣ ਬਣਾ ਰਹੇ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਵੱਡੀਆਂ ਪ੍ਰਾਪਤੀਆਂ ਕਰਨਗੇ।
