*ਜ਼ਿਲ੍ਹੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ-ਪਰਮਵੀਰ ਸਿੰਘ
ਮਾਨਸਾ, 01 ਸਤੰਬਰ:
ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਕੋਈ ਵੀ ਵਸਤੂ ਖਰੀਦ ਕਰਨ ਮੌਕੇ ਡੀਲਰਾਂ ਤੋਂ ਬਿੱਲ ਲੈਣ ਲਈ ਉਤਸ਼ਾਹਿਤ ਕਰੇਗੀ। ਇਸ ਦੇ ਨਾਲ ਹੀ ਇਹ ਸਕੀਮ ਡੀਲਰਾਂ ਨੂੰ ਵਿਕਰੀ ਬਦਲੇ ਬਿੱਲ ਦੇਣ ਲਈ ਵੀ ਪਾਬੰਦ ਕਰੇਗੀ।
ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਣਗੇ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।
ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਟੈਕਸ ਦੀ ਪਾਲਣਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।
ਇਸ ਮੌਕੇ ਸਹਾਇਕ ਕਮਿਸ਼ਨਰ ਰਾਜ ਕਰ ਹਿਤੇਸ਼ਵੀਰ ਗੁਪਤਾ, ਈ.ਟੀ.ਓ. ਅੰਗਰੇਜ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।
ਮੇਰਾ ਬਿੱਲ ਐਪ ਦੀ ਕੀਤੀ ਸ਼ੁਰੂਆਤ
Leave a comment