*4 ਮੋਬਾਇਲ ਵੈਨਾਂ ਜ਼ਿਲ੍ਹੇ ਦੇ ਪਿੰਡਾਂ ’ਚ 20 ਦਿਨਾਂ ਤੱਕ ਪਰਾਲੀ ਪ੍ਰਬੰਧਨ
ਲਈ ਕਰਨਗੀਆਂ ਪ੍ਰਚਾਰ
ਮਾਨਸਾ, 26 ਸਤੰਬਰ :
ਪਰਾਲੀ ਸਾੜਨ ਖਿਲਾਫ ਚਲਾਈ ਮੁਹਿੰਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਹਿੱਤ 4 ਮੋਬਾਇਲ ਵੈਨਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਮੋਬਾਇਲ ਵੈਨਾਂ ਜ਼ਿਲ੍ਹੇ ਦੇ ਪਿੰਡਾਂ ਵਿਚ ਲਗਾਤਾਰ 20 ਦਿਨ ਤੱਕ ਪਰਾਲੀ ਦੇ ਪ੍ਰਬੰਧਨ ਬਾਰੇ ਪ੍ਰਚਾਰ ਕਰਨਗੀਆਂ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤੀ ਮਸ਼ੀਨਰੀ ਨਾਲ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਵੈਨਾਂ ਰਾਹੀਂ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਸੁਚੱਜੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਦੀ ਕਟਾਈ ਫਸਲ ਪੂਰੀ ਪੱਕਣ ਉਪਰੰਤ ਹੀ ਕੀਤੀ ਜਾਵੇ ਅਤੇ ਕੰਬਾਇਨਾਂ ਦੀ ਵਰਤੋਂ ਸੁਪਰ ਐਸ.ਐਮ.ਐਸ. ਲਗਾ ਕੇ ਹੀ ਕੀਤੀ ਜਾਵੇ, ਤਾਂ ਜੋ ਪਰਾਲੀ ਦਾ ਸੌਖਾ ਇੰਨ-ਸਿਟੂ ਪ੍ਰਬੰਧਨ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਦਬਾਉਣਾ ਲਾਹੇਵੰਦ ਹੈ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਜਮੀਨ ਦੀ ਪਾਣੀ ਜ਼ਜ਼ਬ ਕਰਨ ਦੀ ਸਮਰੱਥਾ ਵੱਧਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਵਰਤੋਂ ਕਰਨ, ਜਿਸ ਨਾਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਡਾ. ਜਸਲੀਨ ਕੌਰ ਧਾਲੀਵਾਲ, ਸਹਾਇਕ ਖੇਤੀਬਾੜੀ ਇੰਜੀਨੀਅਰ ਕੁਲਦੀਪ ਸਿੰਘ, ਕਮਲਦੀਪ ਸਿੰਘ, ਸਿਮਰਜੀਤ ਸਿੰਘ ਅਤੇ ਬਲਜੀਤ ਸਿੰਘ ਮੌਜੂਦ ਸਨ।
ਮੋਬਾਇਲ ਵੈਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਵੇਗਾ ਜਾਗਰੂਕ—ਡਿਪਟੀ ਕਮਿਸ਼ਨਰ
Leave a comment