- 78152 ਮੀਟ੍ਰਿਕ ਟਨ ਝੋਨੇ ਦੀ ਕੀਤੀ ਖ਼ਰੀਦ
- ਕਿਸਾਨਾਂ ਨੂੰ ਸੁੱਕੀ ਫਸਲ ਮੰਡੀਆਂ ‘ਚ ਲੈ ਕੇ ਆਉਣ ਦੀ ਕੀਤੀ ਅਪੀਲ
17 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦ ਕੀਤੇ ਜਾ ਰਹੇ ਝੋਨੇ ਦੀ ਅਦਾਇਗੀ ਵੀ ਕਿਸਾਨਾਂ ਨੂੰ ਨਾਲੋਂ-ਨਾਲ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡੀਸੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 16 ਅਕਤੂਬਰ 2025 ਤੱਕ ਵੱਖ-ਵੱਖ ਏਜੰਸੀਆਂ ਦੁਆਰਾ 78152 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਨਗ੍ਰੇਨ ਵੱਲੋਂ 34,226 ਮੀਟ੍ਰਿਕ ਟਨ, ਮਾਰਕਫ਼ੈਡ 15,888, ਪਨਸਪ 18,025, ਵੇਅਰ ਹਾਊਸ 9,998 ਤੇ ਪ੍ਰਾਈਵੇਟ ਵਪਾਰੀਆਂ ਵਲੋਂ 15 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡੀਸੀ ਰਾਜੇਸ਼ ਧੀਮਾਨ ਨੇ ਸੰਬਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਖਰੀਦ ਸਮੇਂ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਇਸ ਮੌਕੇ ਡੀਸੀ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਉਹ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਇਸ ਨਾਲ ਪੈਦਾ ਹੋਏ ਧੂੰਏ ਕਾਰਨ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਹ ਧੂੰਆ ਕਈ ਵਾਰ ਸੜਕਾਂ ‘ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਖੇਤ ਵਿੱਚ ਖੜ੍ਹੇ ਦਰੱਖਤ ਅਤੇ ਖੇਤ ਨਾਲ ਖੜ੍ਹੀ ਫ਼ਸਲ ਨੂੰ ਵੀ ਅੱਗ ਲੱਗਣ ਕਾਰਨ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲੇ ਹੋਏ ਧੂੰਏ ਦੇ ਕਾਰਨ ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ।
