*ਲੋਕ ਸਭਾ ਚੋਣਾਂ 2024*
*07 ਮਈ ਤੋਂ ਹੋਣਗੀਆਂ ਨਾਮਜ਼ਦਗੀਆਂ ਅਤੇ 01 ਜੂਨ ਨੂੰ ਹੋਵੇਗਾ ਮਤਦਾਨ
*ਇਸ਼ਤਿਹਾਰੀ ਬੋਰਡ ’ਤੇ ਹੋਰਡਿੰਗ ਤੁਰੰਤ ਪ੍ਰਭਾਵ ਨਾਲ ਹਟਾਉਣ ਦੀ ਮੁਹਿੰਮ ਸ਼ੁਰੂ
17 ਮਾਰਚ (ਕਰਨ ਭੀਖੀ) ਮਾਨਸਾ: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮਾਨਸਾ ਵਿੱਚ ਵੀ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਜ਼ਿਲ੍ਹੇ ਵਿੱਚ 03 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਦੋਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕੀਤਾ ਜਾਵੇ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਪੰਜਾਬ ਰਾਜ ਵਿੱਚ 01 ਜੂਨ 2024 ਨੂੰ 18ਵੀਂ ਲੋਕ ਸਭਾ ਮੈਬਰਾਂ ਦੀ ਚੋਣ ਲਈ ਹੋਣ ਜਾ ਰਹੀਆਂ ਵੋਟਾਂ ਵਿਚ ਮਤਦਾਨ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਵਿਸ਼ੇਸ ਤੌਰ ’ਤੇ ਨੌਜਵਾਨ ਵੋਟਰਾਂ ਅਤੇ ਪਹਿਲੀ ਵਾਰ ਰਜਿਸਟਰ ਹੋਏ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਲੋਕ ਸਭਾ ਚੋਣਾ—2024 ਦੋਰਾਨ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋ ਕਰਨ।
ਉਨ੍ਹਾਂ ਦੱਸਿਆ ਕਿ 07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਨੋਡਲ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਮਾਨਸਾ ਵਿੱਚ ਕੁੱਲ 590215 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 312423 ਮਰਦ ਅਤੇ 277780 ਔਰਤ ਵੋਟਰ ਸ਼ਾਮਿਲ ਹਨ। ਤੀਜੇ ਲਿੰਗ ਵਾਲੇ 12 ਅਤੇ ਦਿਵਿਆਂਗ ਵੋਟਰਾਂ ਦੀ ਗਿਣਤੀ 5775 ਹੈ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 645 ਹੈ।