02 ਅਪੈ੍ਲ (ਰਿੰਪਲ ਗੋਲਣ) ਭਿੱਖੀਵਿੰਡ: ਕੱਚਾ ਪੱਕਾ ਪੁਲਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਜਦਕਿ ਇਨ੍ਹਾਂ ਦਾ ਇੱਕ ਸਾਥੀ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਚਓ ਕੱਚਾ ਪੱਕਾ ਸਬ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਮਿਤੀ 1 ਅਪ੍ਰੈਲ ਨੂੰ ਲਲਿਤ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮਖੂ ਪਾਸੋਂ ਦਰਖ਼ਾਸਤ ਆਈ ਸੀ, ਜਿਸ ਵਿੱਚ ਲਲਿਤ ਕੁਮਾਰ ਨੇ ਦੱਸਿਆ ਕਿ ਸਮਾਂ ਕਰੀਬ 12:45 ਵਜੇ ਹਰ ਰੋਜ਼ ਦੀ ਤਰ੍ਹਾਂ ਉਹ ਆਪਣੇ ਮੋਟਰਸਾਈਕਲ ਨੰਬਰ ਪੀਬੀ05 ਏਆਰ 9658 ਮਾਰਕਾ ਸਪਲੈਂਡਰ ਰੰਗ ਕਾਲਾ ‘ਤੇ ਸਵਾਰ ਹੋ ਕੇ ਪੱਟੀ ਚੌਂਕ ਤੋਂ ਘਰਿਆਲਾ ਰਾਹੀਂ ਹੁੰਦਿਆਂ ਹੋਇਆਂ ਦਿਆਲਪੁਰਾ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਥੇਹ ਨੌਸ਼ਹਿਰਾ ਨਜ਼ਦੀਕ ਪੁੱਜਾ ਤਾਂ ਉਸ ਦੇ ਪਿਛਿਓਂ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਤਿੰਨ ਮੋਨੇ ਨੌਜਵਾਨਾਂ ਨੇ ਦਾਤਰ ਦਿਖਾ ਕੇ ਉਸ ਨੂੰ ਰੋਕ ਲਿਆ ਤੇ ਉਸ ਕੋਲੋਂ 20 ਹਜ਼ਾਰ ਰੁਪਏ ਦੀ ਨਗਦੀ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਲਲਿਤ ਕੁਮਾਰ ਪਾਸੋਂ ਪ੍ਰਾਪਤ ਹੋਈ ਸ਼ਿਕਾਇਤ ਮਗਰੋਂ ਗੁਰਜੰਟ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬੈਂਕਾ, ਕਮਲ ਪੁੱਤਰ ਦਰਸ਼ਨ ਸਿੰਘ ਵਾਸੀ ਝੁੱਗੀਆਂ ਕਾਲੂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਤੇਜ਼ਧਾਰ ਦਾਤਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਇਨ੍ਹਾਂ ਦਾ ਇੱਕ ਸਾਥੀ ਸੁਖਬੀਰ ਸਿੰਘ ਉਰਫ ਸੁਖ ਵਾਸੀ ਕਾਲੇਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮਿਤੀ 1/04/2024 ਐੱਫਆਈਆਰ ਨੰਬਰ 10 ਧਾਰਾ 379 ਬੀ (2) ਅਤੇ 506 ਤਹਿਤ ਗੁਰਜੰਟ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬੈਂਕਾ, ਕਮਲ ਪੁੱਤਰ ਦਰਸ਼ਨ ਸਿੰਘ ਵਾਸੀ ਝੁੱਗੀਆਂ ਕਾਲੂ ਅਤੇ ਸੁਖਬੀਰ ਸਿੰਘ ਉਰਫ ਸੁਖ ਪੁੱਤਰ ਨਾਮਲੂਮ ਵਾਸੀ ਕਾਲੇਕੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਗਰੋਹ ਦੇ ਤੀਜੇ ਸਾਥੀ ਦੀ ਭਾਲ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।