ਦੀਵਾਲੀ ਤੋਂ ਪਹਿਲਾਂ ਰਾਹਤ ਮੁਆਵਜ਼ਾ ਦੇਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ-ਵਿਧਾਇਕ ਬੁੱਧ ਰਾਮ
ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰਾਂ ਦੀ ਮਦਦ ਲਈ ਹਮੇਸ਼ਾ ਕਾਰਜਸ਼ੀਲ-ਡੀ.ਸੀ. ਨਵਜੋਤ ਕੌਰ
16 ਅਕਤੂਬਰ (ਕਰਨ ਭੀਖੀ) ਮਾਨਸਾ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਰਿਸ਼/ਹੜ੍ਹਾਂ ਕਾਰਨ ਫਸਲ ਦੇ ਖਰਾਬੇ ਦਾ ਦੀਵਾਲੀ ਤੋਂ ਪਹਿਲਾਂ ਰਾਹਤ ਮੁਆਵਜ਼ਾ ਪਹੁੰਚਾਉਣਾ ਸ਼ਲਾਘਾਯੋਗ ਕਦਮ ਹੈ। ਇਸ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ 09 ਪਿੰਡਾਂ ਦੇ 54 ਕਿਸਾਨਾਂ ਨੂੰ ਕੁੱਲ 15 ਲੱਖ 66 ਹਜ਼ਾਰ 377 ਰੁਪਏ ਦੇ ਮਨਜ਼ੂਰੀ ਪੱਤਰ ਬੁਢਲਾਡਾ ਵਿਖੇ ਵਿਧਾਇਕ ਪ੍ਰਿੰਸੀਪਲ ਸ੍ਰ. ਬੁੱਧ ਰਾਮ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਵੰਡੇ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਗਿਆ ਹੈ। ਦੀਵਾਲੀ ਤੋਂ ਪਹਿਲਾਂ ਇਹ ਰਾਹਤ ਪਹੁੰਚਾ ਕੇ ਸਰਕਾਰ ਨੇ ਸਾਬਤ ਕੀਤਾ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜੋ ਹਰੇਕ ਸੰਕਟ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਘਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਜਲਦ ਹੀ ਪ੍ਰਭਾਵਿਤ ਲੋਕਾਂ ਨੂੰ ਮਿਲੇਗਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਹੜ੍ਹ ਪੀੜਤ/ਕੁਦਰਤੀ ਕਰੋਪੀ ਬਾਰਿਸ਼ ਦਾ ਸ਼ਿਕਾਰ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਕਾਰਨ ਖਰਾਬ ਹੋਈਆਂ ਫਸਲਾਂ ਦਾ ਢੁਕਵੇਂ ਤਰੀਕੇ ਨਾਲ ਮੁਲਾਂਕਣ ਕੀਤਾ ਗਿਆ ਹੈ ਜਿਸ ਉਪਰੰਤ ਸਰਕਾਰ ਵੱਲੋਂ ਮੁਆਵਜ਼ਾ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਇਸ ਗੱਲ ਦੇ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਮੁਆਵਜ਼ਾ ਰਾਸ਼ੀ ਦਿਵਾਲੀ ਦੇ ਤਿਉਹਾਰ ਮੌਕੇ ਕਿਸਾਨਾਂ ਤੱਕ ਪਹੁੰਚੀ ਹੈ ਜਿਸ ਨਾਲ ਉਨ੍ਹਾਂ ਦੇ ਘਰਾਂ ਵਿਚ ਵੀ ਖੁਸ਼ੀ ਦਾ ਮਾਹੌਲ ਪੈਦਾ ਹੋਵੇਗਾ।
ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਡੀ.ਐਸ.ਪੀ. ਸਿਕੰਦਰ ਸਿੰਘ ਚੀਮਾ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਕਿਸਾਨ ਮੌਜੂਦ ਸਨ।