ਦਿੱਲੀ ਹਾਈ ਕੋਰਟ ਨੇ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ
ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪਰ ਉਨ੍ਹਾਂ ਨੂੰ ਸੀਬੀਆਈ ਮਾਮਲੇ ਚ ਜ਼ਮਾਨਤ ਨਹੀਂ ਮਿਲੀ ਹੈ, ਇਸ ਕਰਕੇ ਉਹ ਹਾਲੇ ਜੇਲ੍ਹ ਵਿੱਚ ਹੀ ਰਹਿਣਗੇ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਇਹ ਫੈਸਲਾ ਦਿੱਤਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਜ਼ਮਾਨਤ ਦੇ ਸਵਾਲ ਦੀ ਜਾਂਚ ਨਹੀਂ ਕੀਤੀ ਹੈ ਪਰ ਅਸੀਂ ਧਾਰਾ 19 ਪੀਐਮਐਲਏ ਦੇ ਮਾਪਦੰਡਾਂ ਦੀ ਜਾਂਚ ਕੀਤੀ ਹੈ। ਅਸੀਂ ਸੈਕਸ਼ਨ 19 ਅਤੇ ਸੈਕਸ਼ਨ 45 ਵਿੱਚ ਅੰਤਰ ਸਮਝਾਇਆ ਹੈ। ਸੈਕਸ਼ਨ 19 ਅਧਿਕਾਰੀਆਂ ਦੀ ਵਿਅਕਤੀਗਤ ਰਾਏ ਹੈ ਅਤੇ ਨਿਆਂਇਕ ਸਮੀਖਿਆ ਦੇ ਅਧੀਨ ਹੈ। ਧਾਰਾ 45 ਦੀ ਵਰਤੋਂ ਅਦਾਲਤ ਵੱਲੋਂ ਹੀ ਕੀਤੀ ਜਾਂਦੀ ਹੈ।
ਕੇਜਰੀਵਾਲ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ 17 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕਿਹਾ ਗਿਆ ਸੀ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾ ਸਕਦੇ ਹਨ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਬਾਅਦ ਵਿੱਚ ਈਡੀ ਦੀ ਹਿਰਾਸਤ ਵਿੱਚ ਭੇਜਣ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 9 ਅਪ੍ਰੈਲ ਨੂੰ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ। ਇਸ ਫੈਸਲੇ ਖਿਲਾਫ ਕੇਜਰੀਵਾਲ ਸੁਪਰੀਮ ਕੋਰਟ ਪਹੁੰਚੇ ਸਨ।
ਇਸ ਤੋਂ ਬਾਅਦ 15 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਸੀ। ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਸੀ ਕਿ ਇਸ ‘ਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ ਕਿਉਂਕਿ ਕਈ ਸੰਮਨ ਭੇਜੇ ਜਾਣ ਤੋਂ ਬਾਅਦ ਵੀ ਕੇਜਰੀਵਾਲ ਪੁੱਛਗਿੱਛ ਲਈ ਈਡੀ ਦਫਤਰ ਨਹੀਂ ਆਏ। ਇਸ ਤੋਂ ਬਾਅਦ ਈਡੀ ਕੋਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਸੀ।
ਇਹ ਖਬਰ ਹੁਣੇ ਹੁਣੇ ਬ੍ਰੇਕ ਹੋਈ ਹੈ। ਅਸੀਂ ਇਸ ਖਬਰ ਨੂੰ ਅਪਡੇਟ ਕਰ ਰਹੇ ਹਾਂ। ਸਾਡੀ ਕੋਸ਼ਿਸ਼ ਯਕੀਨੀ ਬਣਾਉਣ ਦੀ ਹੈ ਕਿ ਜਾਣਕਾਰੀ ਸਭ ਤੋਂ ਪਹਿਲਾਂ ਤੁਹਾਡੇ ਤੱਕ ਪਹੁੰਚੇ। ਇਸ ਲਈ, ਤੁਹਾਨੂੰ ਸਾਰੇ ਪ੍ਰਮੁੱਖ ਅੱਪਡੇਟ ਜਾਣਨ ਲਈ ਇਸ ਪੰਨੇ ਨੂੰ ਫਰੈਸ਼ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।