- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
- 13 ਅਗਸਤ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ
- ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਕੀਤੀ ਹਦਾਇਤ
23 ਜੁਲਾਈ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮੁੱਖ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੀ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਬਿਜਲੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਇਹ ਵੀ ਖ਼ਾਸ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਨੰਗੀਆਂ ਤੇ ਢਿੱਲੀਆਂ ਤਾਰਾਂ ਨਾ ਹੋਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਿਹਰਸਲ ਤੇ ਸਮਾਗਮ ਵਾਲੇ ਦਿਨ ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ।
ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਚ ਵੱਖ-ਵੱਖ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਟੇਜ ਦੀ ਸਜਾਵਟ, ਬੈਰੀਕੇਡਿੰਗ, ਸਾਫ਼ ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਰਜੀ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਜ਼ਿਲ੍ਹਾ ਸਿਹਤ ਅਫਸਰ ਸ਼੍ਰੀਮਤੀ ਊਸ਼ਾ ਗੋਇਲ, ਸਿੱਖਿਆ ਵਿਭਾਗ, ਨਗਰ ਨਿਗਮ, ਬਾਗਬਾਨੀ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਬਾਲ ਵਿਕਾਸ ਵਿਭਾਗ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।