
ਮਾਨਸਾ, 18 ਜੁਲਾਈ: (ਨਾਨਕ ਸਿੰਘ ਖੁਰਮੀ ) ਪੰਜਾਬ ਸਰਕਾਰ ਵੱਲੋਂ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ” ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਤਹਿਤ ਅੱਜ ਸਿਵਲ ਸਰਜਨ ਮਾਨਸਾ, ਡਾ. ਰਣਜੀਤ ਸਿੰਘ ਰਾਏ ਨੇ ਖੁਦ ਪੁਲਿਸ ਸਟੇਸ਼ਨ ਸਿਟੀ 1 ਅਤੇ 2 ਦਾ ਦੌਰਾ ਕੀਤਾ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਵਰਗੀਆਂ ਬਿਮਾਰੀਆਂ ਤੋਂ ਬਚਾਉਣਾ ਹੈ।
ਇਹ ਮੁਹਿੰਮ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਡਾ. ਹਤਿੰਦਰ ਕੌਰ, ਸਿਹਤ ਸੇਵਾਵਾਂ ਪੰਜਾਬ ਦੇ ਹੁਕਮਾਂ, ਡਿਪਟੀ ਕਮਿਸ਼ਨਰ ਮਾਨਸਾ ਸ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਸ.ਪੀ. ਮਾਨਸਾ ਸ੍ਰੀ ਭਗੀਰਥ ਸਿੰਘ ਮੀਨਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ।
ਡਾ. ਰਣਜੀਤ ਸਿੰਘ ਰਾਏ ਨੇ ਪੁਲਿਸ ਸਟੇਸ਼ਨਾਂ ਵਿੱਚ ਪਾਣੀ ਦੇ ਖੜ੍ਹੇ ਸਰੋਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਿੱਥੇ ਵੀ ਮੱਛਰ ਦਾ ਲਾਰਵਾ ਪਾਇਆ ਗਿਆ, ਉਸ ਨੂੰ ਤੁਰੰਤ ਨਸ਼ਟ ਕਰਵਾਇਆ ਗਿਆ। ਬਾਕੀ ਟੀਮ ਮੈਂਬਰਾਂ ਨੇ ਥਾਣਾ ਸਦਰ ਅਤੇ ਸੀ.ਆਈ. ਦਫ਼ਤਰ ਵਿਖੇ ਡਿਪਟੀ ਸੁਪਰਡੈਂਟ ਪੁਲਿਸ ਸ. ਬੂਟਾ ਸਿੰਘ ਗਿੱਲ ਦੇ ਸਹਿਯੋਗ ਨਾਲ ਜਾਂਚ ਕੀਤੀ।
ਇਸ ਮੌਕੇ ਬੋਲਦਿਆਂ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਗਰਮੀ ਅਤੇ ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਕਰਮਚਾਰੀ ਅਤੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਕੇ ਘਰ-ਘਰ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਿਹਤ, ਸਿੱਖਿਆ, ਮਿਊਂਸਪਲ ਕਮੇਟੀ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ। ਸਿਹਤ ਵਿਭਾਗ ਅਤੇ ਮਿਊਂਸਪਲ ਕਮੇਟੀ ਨੂੰ ਫੌਗਿੰਗ ਕਰਨ ਅਤੇ ਲਾਰਵਾ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਾ. ਰਾਏ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਡੇਂਗੂ ਜਾਂ ਮਲੇਰੀਏ ਦਾ ਕੇਸ ਮਿਲਦਾ ਹੈ, ਤਾਂ ਤੁਰੰਤ ਆਲੇ-ਦੁਆਲੇ ਦੇ ਘਰਾਂ ਦਾ ਫੀਵਰ ਸਰਵੇ ਕਰਵਾਇਆ ਜਾਵੇ ਅਤੇ ਸਪਰੇਅ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਸਮੇਂ-ਸਮੇਂ ‘ਤੇ ਜ਼ਮੀਨੀ ਪੱਧਰ ‘ਤੇ ਜਾਗਰੂਕ ਕਰਨ ਲਈ ਵੀ ਕਿਹਾ। ਜੇਕਰ ਕਿਸੇ ਨੂੰ ਬੁਖਾਰ ਜਾਂ ਕੋਈ ਹੋਰ ਤਕਲੀਫ਼ ਹੁੰਦੀ ਹੈ, ਤਾਂ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਖੂਨ ਦੀ ਸਲਾਈਡ ਬਣਵਾ ਕੇ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਲਈ ਜਾਵੇ। ਇਸ ਤੋਂ ਬਾਅਦ, ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਪੁਲਿਸ ਲਾਈਨ ਅਤੇ ਹੋਰ ਪੁਲਿਸ ਸਟੇਸ਼ਨਾਂ ਵਿੱਚ ਜਾ ਕੇ ਲਾਰਵਾ ਚੈੱਕ ਕੀਤਾ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ।
ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘਰ-ਘਰ ਅਤੇ ਜਨਤਕ ਥਾਵਾਂ ‘ਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਜੇਕਰ ਕਿਤੇ ਲਾਰਵਾ ਪਾਇਆ ਜਾਂਦਾ ਹੈ ਤਾਂ ਉਸਦੇ ਚਲਾਨ ਲਈ ਸਬੰਧਤ ਵਿਭਾਗ ਨੂੰ ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਜ਼ਮੀਨੀ ਪੱਧਰ ‘ਤੇ ਪਿੰਡ ਪੱਧਰ ‘ਤੇ ਘਰ-ਘਰ ਜਾ ਕੇ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਮੇਲ), ਮਲਟੀਪਰਪਜ਼ ਹੈਲਥ ਵਰਕਰ (ਮੇਲ) ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਅੰਤ ਵਿੱਚ, ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਡੇਂਗੂ ਅਤੇ ਮਲੇਰੀਏ ਦੇ ਸੀਜ਼ਨ ਨੂੰ ਦੇਖਦੇ ਹੋਏ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਇਸ ਬਿਮਾਰੀ ‘ਤੇ ਕੰਟਰੋਲ ਕਰਨ ਲਈ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਦਿੱਤਾ ਜਾਵੇ।
ਇਸ ਮੌਕੇ ਵਿਜੇ ਕੁਮਾਰ (ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ), ਦਰਸ਼ਨ ਸਿੰਘ (ਡਿਪਟੀ ਸਮੂਹ ਸਿੱਖਿਆ ਸੂਚਨਾ ਅਫ਼ਸਰ), ਸ੍ਰੀ ਸੰਤੋਸ਼ ਭਾਰਤੀ (ਐਪੀਡੀਮੈਲੋਜਿਸਟ), ਰਾਮ ਕੁਮਾਰ, ਬਲਜੀਤ ਸਿੰਘ, ਗੁਰਿੰਦਰਜੀਤ, ਕ੍ਰਿਸ਼ਨ ਲਾਲ (ਨਰਸਿੰਗ ਸਟੂਡੈਂਟ, ਮਾਲਵਾ ਕਾਲਜ), ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਤੋਂ ਇਲਾਵਾ ਯੂਥ ਵੈਲਫੇਅਰ ਕਲੱਬ ਮਾਨਸਾ ਤੋਂ ਜਸਵੀਰ ਸਿੰਘ (ਸੈਕਟਰੀ) ਅਤੇ ਹੋਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ।