*ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿਚ ਕੀਤਾ ਲਾਰਵਾ ਚੈੱਕ
ਮਾਨਸਾ/ ਬੁਢਲਾਡਾ/ਬਰ੍ਹੇ, 19 ਅਗਸਤ:
ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡੇਂਗੂ ਵਿਰੋਧੀ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਲਗਾਤਾਰ ਜਾਰੀ ਹੈ। ਬੀਤੇ ਸ਼ੁੱਕਰਵਾਰ ਪਿੰਡ ਬਰ੍ਹੇ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਦੇ ਨਾਲ ਨਾਲ ਘਰਾਂ ਵਿਚ ਲਾਰਵਾ ਚੈਕ ਕੀਤਾ ਅਤੇ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਜਿਲ੍ਹਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ, ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਚੇਤਨ ਪ੍ਰਕਾਸ਼ ਦੇ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਵੱਖ ਵੱਖ ਥਾਵਾਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਹਤ ਸੁਪਰਵਾਇਜ਼ਰ ਅਸਵਨੀ ਕੁਮਾਰ ਅਤੇ ਸਿਹਤ ਕਰਮਚਾਰੀ ਨਿਰਭੈ ਸਿੰਘ,ਗੁਪਰਿਤ ਸਿੰਘ,ਰਾਹੁਲ ਕੁਮਾਰ ਨੇ ਕਿਹਾ ਡੇਂਗੂ ਤੇ ਮਲੇਰੀਆ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਹਨ। ਇਸ ਲਈ ਮੱਛਰਾਂ ਦੀ ਰੋਕਥਾਮ ਲਈ ਆਪਣੇ ਆਲੇ-ਦੁਆਲੇ ਦੀ ਸਫਾਈ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।
ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।ਉਨਾਂ ਕਿਹਾ ਕਿ ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਭੁੱਖ ਨਾ ਲਗਣਾ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।ਇਹ ਲੱਛਣ ਦਿਖਾਈ ਦੇਣ ‘ਤੇ ਸਰਕਾਰੀ ਹਸਪਤਾਲ ਵਿਚ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਉਨਾਂ ਇਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਬਾਰੇ ਜਾਣੂ ਕਰਵਾਉੰਦਿਆਂ ਕਿਹਾ ਕਿ ਘਰਾਂ ਵਿਚ ਜਾਲੀ ਵਾਲੀਆਂ ਖਿੜਕੀਆਂ ਅਤੇ ਦਰਵਾਜ਼ੇ ਲਗਵਾਉਣੇ ਚਾਹੀਦੇ ਹਨ। ਪੂਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਕੂਲਰਾਂ ਦੇ ਪਾਣੀ ਨੂੰ ਹਫ਼ਤੇ ਵਿਚ ਘੱਟੋ ਘੱਟ ਇਕ ਵਾਰ ਜਰੂਰ ਬਦਲਣਾ ਚਾਹੀਦਾ ਹੈ। ਕੰਟੇਨਰਾਂ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਤੇ ਘਰ ਉਪਰਲੀਆਂ ਪਾਣੀ ਦੀਆਂ ਟੈਂਕੀਆਂ ਨੂੰ ਵੀ ਢੱਕ ਕੇ ਰੱਖਣਾ ਚਾਹੀਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਜਿਆਦਾਤਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕੱਪੜੇ ਪਾਓ ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਰਹੇ।