*27 ਅਕਤੂਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗਾ ਛੇ ਏਸ਼ੀਅਨ ਮੁਲਕਾਂ ਵਿਚਾਲੇ ਮੁਕਾਬਲਾ*
ਮਾਨਸਾ, 20 ਅਕਤੂਬਰ:
ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾਣ ਵਾਲੇ ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਅੱਜ ਮਾਨਸਾ ਦੇ ਪਿੰਡ ਫਫੜੇ ਭਾਈ ਕੇ ਵਿਖੇ ਪੁੱਜਾ ਜਿੱਥੇ ਵੱਖ ਵੱਖ ਸ਼ਖਸ਼ੀਅਤਾਂ ਅਤੇ ਖੇਡ ਪ੍ਰੇਮੀਆਂ ਨੇ ਨਿੱਘਾ ਸਵਾਗਤ ਕੀਤਾ।
ਇਸ ਟਰਾਫ਼ੀ ਟੂਰ ਦਾ ਉਦੇਸ਼ ਪੰਜਾਬ ਵਿੱਚ ਹੋਣ ਜਾ ਰਹੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ।
ਜ਼ਿਲ੍ਹਾ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਭਰ ਦਾ ਇਹ ਟੂਰ 26 ਅਕਤੂਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗਾ।
ਇਸ ਮੌਕੇ ਪਹੁੰਚੇ ਖੇਡ ਪ੍ਰੇਮੀਆਂ ਨੇ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੂਬੇ ਦੇ ਹਾਕੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਹੋਣ ਵਾਲੇ ਇਸ ਵੱਕਾਰੀ ਟੂਰਨਾਮੈਂਟ ਦੇ ਮੁਕਾਬਲੇ ਜਲੰਧਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਕਰਵਾਏ ਜਾਣਗੇ। ਜਲੰਧਰ ਵਿਖੇ 27 ਅਕਤੂਬਰ ਤੋਂ 2 ਨਵੰਬਰ ਤੱਕ ਛੇ ਦੇਸ਼ਾਂ ਦੀਆਂ ਟੀਮਾਂ ਦੇ ਲੀਗ ਮੁਕਾਬਲੇ ਹੋਣਗੇ, ਜਦਕਿ ਮੋਹਾਲੀ ਵਿਖੇ 4 ਨਵੰਬਰ ਨੂੰ ਦੋਵੇਂ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤੀਜੇ ਸਥਾਨ ਲਈ ਮੁਕਾਬਲਾ ਅਤੇ ਫਾਈਨਲ ਖੇਡਿਆ ਜਾਵੇਗਾ।
ਇਸ ਟੂਰਨਾਮੈਂਟ ਵਿੱਚ ਭਾਰਤ, ਬੰਗਲਾਦੇਸ਼, ਜਾਪਾਨ, ਚੀਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ।
ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਆਪ ਦੇ ਜੋਆਇੰਟ ਸਕੱਤਰ ਯੂਥ ਡਾ. ਰਾਜੂ ਢੱਡੇ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਕਿਹਾ ਕਿ ਅਜਿਹੇ ਕੌਮਾਂਤਰੀ ਮੁਕਾਬਲੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਗੇ।
