ਬਾਲ ਮਜ਼ਦੂਰੀ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ ਵੱਖ ਥਾਈਂ ਚੈਕਿੰਗ
26 ਸਤੰਬਰ (ਨਾਨਕ ਸਿੰਘ ਖੁਰਮੀ) ਮਾਨਸਾ: ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ ਵੱਖ ਥਾਈਂ ਚੈਕਿੰਗ ਕੀਤੀ ਗਈ। ਇਸ ਟੀਮ ਦੇ ਮੈਬਰ ਕਿਰਤ ਵਿਭਾਗ ਪਰਦੀਪ ਗੁਲਾਟੀ ਲੇਬਰ ਇਨਸਪੈਕਟਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਇਸ ਮੁਹਿੰਮ ਦੇ ਅਸਰਦਾਰ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਇਸ ਮੁਹਿੰਮ ਦੌਰਾਨ ਸਾਰੇ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ਜਿਵੇਂ ਫੈਕਟਰੀਆਂ, ਢਾਬਿਆਂ, ਉਦਯੋਗਾਂ, ਹੋਟਲਾਂ, ਦੁਕਾਨਾਂ, ਭੱਠਿਆਂ, ਉਸਾਰੀ ਸਥਾਨਾਂ ਆਦਿ ਵਿਖੇ ਅਚਨਚੇਤ ਛਾਪਾਮਾਰੀ ਕਰਕੇ ਇਸ ਅਪਰਾਧ ਨੂੰ ਰੋਕਣ ਲਈ ਟੀਮਾਂ ਸਰਗਰਮ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜਿਲਾ ਬਾਲ ਸੁਰੱਖਿਆ ਦਫਤਰ ਮਾਨਸਾ ਦੇ ਰਜਿੰਦਰ ਵਰਮਾ ਕਾਉਸਲਰ ਨੇ ਦੱਸਿਆ ਕਿ ਚੌਕਸੀ ਟੀਮ ਵੱਲੋਂ ਸ਼ਹਿਰ ਮਾਨਸਾ ਦੇ ਵੱਖ ਵੱਖ ਬਜ਼ਾਰਾਂ ਵਿੱਚ ਅਤੇ ਵੱਖ ਵੱਖ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਬਜ਼ਾਰਾਂ ਵਿੱਚ 18 ਸਾਲ ਤੋਂ ਘੱਟ ਉਮਰ ਵਾਲੇ ਕੰਮ ਕਰ ਰਹੇ ਬਾਲ ਅਤੇ ਕਿਸ਼ੋਰ ਬੱਚਿਆਂ ਦੀ ਭਾਲ ਕਰਨ ਲਈ ਚੈਕਿੰਗ ਕੀਤੀ ਗਈ ਅਤੇ ਸਬੰਧਤ ਦੁਕਾਨਦਾਰਾਂ ਕੋਲ ਉਪਲਬਧ ਆਧਾਰ ਕਾਰਡ ਵਾਚਦਿਆਂ ਉਮਰ ਦੀ ਪੜਤਾਲ ਕੀਤੀ ਗਈ।ਇਸ ਤੋਂ ਇਲਾਵਾ ਸ਼ਹਿਰ ਤੋਂ ਬਾਹਰ ਵੱਖ ਵੱਖ ਹੋਟਲਾਂ, ਰੈਸਟੋਰੈਂਟਾਂ ਦੀ ਵੀ ਚੈਕਿੰਗ ਕੀਤੀ ਗਈਆਂ ਪਰਦੀਪ ਗੁਲਾਟੀ ਲੇਬਰ ਇਨਸਪੈਕਟਰ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਪਾਰੀ ਜਾਂ ਦੁਕਾਨਦਾਰ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ‘ਦੀ ਚਾਈਲਡ ਐਂਡ ਅਡੋਲਸੈਂਟ ਲੇਬਰ (ਪ੍ਰੋਹੀਬਿਸ਼ਨ ਐਂਡ ਰੈਗੂਲੇਸ਼ਨ) ਐਕਟ 1986’ ਅਤੇ ‘ਜੁਵੇਨਾਈਲ ਜਸਟਿਸ ਐਕਟ 2015’ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਚੈਕਿੰਗ ਟੀਮ ਵਿਚ ਪੁਲਿਸ ਵਿਭਾਗ ਤੋ ਮਾਲਵਿੰਦਰ ਸਿੰਘ ਤੇ ਗਗਨਦੀਪ ਸਿੰਘ ਸਿਖਿਆ ਵਿਭਾਗ ਤੋ ਰਾਕੇਸ਼ ਕੁਮਾਰ ਹਰਪੀਰਤ ਕੋਰ ਆਦਿ ਅਤੇ ਟੀਮ ਮੈਬਰ ਹਾਜਰ ਸਨ।