702.52 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ
ਕਿਸਾਨਾਂ ਨੂੰ ਮੰਡੀਆਂ ਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ
25 ਅਪ੍ਰੈਲ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਕਣਕ ਦੀ ਖਰੀਦ ਚ ਹੋਰ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 25 ਅਪ੍ਰੈਲ 2024 ਤੱਕ ਕਿਸਾਨਾਂ ਨੂੰ 702.52 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 135 ਫ਼ੀਸਦੀ ਬਣਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਅਪ੍ਰੈਲ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 368640.5 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 124712 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 86904, ਪਨਸਪ ਵੱਲੋਂ 79905, ਵੇਅਰਹਾਊਸ ਵੱਲੋਂ 70280.5 ਤੇ ਪ੍ਰਾਈਵੇਟ ਵਪਾਰੀਆਂ ਵਲੋਂ 6839 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਸ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।