ਚੰਡੀਗੜ੍ਹ, 15 ਅਪ੍ਰੈਲ, ਦੇਸ ਪੰਜਾਬ ਬਿਊਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।