*ਸਕੂਲੀ ਵਾਹਨਾਂ ਵਿਚ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਸਮੇਂ ਸਮੇਂ ’ਤੇ ਚੈਕਿੰਗ ਕਰਨ ਦੀ ਹਦਾਇਤ
15 ਅਪ੍ਰੈਲ (ਕਰਨ ਭੀਖੀ) ਮਾਨਸਾ: ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਵਿਚ ਸਕੂਲ ਅਤੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵਾਹਨਾਂ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹਿਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਲੇਡੀਜ਼ ਅਟੈਂਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਅਹਿਮ ਹੈ, ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਜ਼ਿਲ੍ਹੇ ਦੇ ਸਾਰੇ ਸਕੂਲਾਂ ਦੀਆਂ ਵੈਨਾਂ, ਡਰਾਇਵਰਾਂ ਅਤੇ ਵੈਨਾਂ ਸਬੰਧੀ ਕਾਗਜ ਪੱਤਰਾਂ ਦਾ ਡਾਟਾ ਇਕੱਠਾ ਕੀਤਾ ਜਾਵੇ ਤਾਂ ਜੋ ਇਸ ਸੂਚੀ ਦੇ ਆਧਾਰ ’ਤੇ ਸਮੇਂ ਸਮੇਂ ’ਤੇ ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐੱਸ.ਪੀ. ਸ੍ਰੀ ਜ਼ਸਕੀਰਤ ਸਿੰਘ ਅਹੀਰ, ਜ਼ਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ, ਏ.ਟੀ.ਓ ਕਰਨਵੀਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ, ਪੁਲਿਸ ਵਿਭਾਗ ਤੋਂ ਸੁਰੇਸ਼ ਕੁਮਾਰ ਏ ਐਸ ਆਈ ਟ੍ਰੈਫਿਕ ਇੰਚਾਰਜ ਹਾਜਰ ਸਨ।