*ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ
27 ਅਪ੍ਰੈਲ (ਕਰਨ ਭੀਖੀ) ਮਾਨਸਾ: ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾਂ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 42 ਸਕੂਲਾਂ ’ਚ 352 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਅਤੇ 128 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ ਹਨ।
ਰਿਜ਼ਨਲ ਟਰਾਂਸਪੋਰਟ ਅਫ਼ਸਰ ਸ੍ਰ. ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਵੈਨ/ਬੱਸਾਂ ਦੇ ਚਾਲਕ ਇਹ ਪੂਰਨ ਤੌਰ ’ਤੇ ਯਕੀਨੀ ਬਣਾਉਣ ਕਿ ਸਕੂਲ ਵਾਹਨ, ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਮਾਪਦੰਡ ਪੂਰੇ ਕਰਦੇ ਹੋਣ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ/ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਦੋਵਾ ਸਾਇਡਾਂ ’ਤੇ ਖਿੜਕੀ ’ਤੇ ਲੋਹੇ ਦੀ ਗਰਿੱਲ ਲੱਗੀ ਹੋਵੇ, ਫਸਟ ਏਡ ਬਾਕਸ, ਲੜਕੀਆਂ ਲਈ ਮਹਿਲਾ ਅਟੈਂਡੈਂਟ, ਡਰਾਇਵਰ ਕੋਲ ਹੈਵੀ ਡਰਾਇਵਿੰਗ ਲਾਇਸੰਸ, ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਵੇ। ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਬਸ ਦੇ ਰੁਕਣ ’ਤੇ ਹੀ ਬੱਚਿਆਂ ਨੂੰ ਚੜ੍ਹਾਇਆ ਅਤੇ ਉਤਾਰਿਆ ਜਾਵੇ। ਵੈਨਾਂ ਦੀ ਰਫ਼ਤਾਰ ਨਿਰਧਾਰਿਤ ਰਫਤਾਰ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪੱਧਰ ’ਤੇ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਰਹਿਣ।