2 ਜੁਲਾਈ (ਗਗਨਦਦੀਪ ਸਿੰਘ) ਬਰਨਾਲਾ: ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਨਿਰਦੇਸ਼ਾਂ ਤਹਿਤ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਓ ਆਰ ਐਸ ਜ਼ਿੰਕ ਕਾਰਨਰ ਤੋਂ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਸਮੇਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ‘ਤੇ ਲਿਆਉਣਾ ਹੈ। ਦਸਤਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।
ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ/ਨੋਡਲ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ। ਮੁਹਿੰਮ ਦੌਰਾਨ 5 ਸਾਲ ਤੋਂ ਛੋਟੇ ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਮੁਫਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ‘ਚ ਓ ਆਰ ਐਸ ਜ਼ਿੰਕ ਕਾਰਨਰ ਬਣਾਏ ਗਏ ਹਨ ਤਾਂ ਜਿੱਥੇ ਦਸਤ ਹੋਣ ਦੀ ਹਾਲਤ ਵਿਚ ਓ ਆਰ ਐਸ ਅਤੇ ਜ਼ਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।
ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਦਸਤਾਂ ਦੌਰਾਨ ਓ ਆਰ ਐਸ ਅਤੇ ਜ਼ਿੰਕ ਬਹੁਤ ਜ਼ਰੂਰੀ ਹੈ। ਦਸਤ ਲੱਗ ਜਾਣ ਕਾਰਨ ਸਿਵਲ ਹਸਪਤਾਲ ਬਰਨਾਲਾ ਵਿਖੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ ਅਤੇ ਅਰਬਨ ਪੀ ਐਚ ਸੀ ਸੰਧੂ ਪੱਤੀ, ਪ੍ਰੇਮ ਨਗਰ ਅਤੇ ਆਮ ਆਦਮੀ ਕਲੀਨਿਕ ਨੇੜੇ ਪਸ਼ੂ ਪਾਲਣ ਹਸਪਤਾਲ ਵਿਖੇ ਕਾਰਨਰ ਤੋਂ ਓ ਆਰ ਐਸ ਅਤੇ ਜ਼ਿੰਕ ਦੀ ਵਰਤੋਂ ਕਰਕੇ ਬਹੁਤ ਸਾਰੇ ਬੱਚਿਆਂ ਦੀ ਜਾਨ ਬਚਾਈ ਜਾ ਸਕਦੀ ਹੈ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਦਸਤ ਲੱਗ ਜਾਣ ‘ਤੇ ਜਲਦੀ ਇਲਾਜ ਕਰਾਉਣਾ ਚਾਹੀਦਾ ਹੈ ਕਿਉਂਕਿ ਇਲਾਜ ‘ਚ ਦੇਰੀ ਕਈ ਵਾਰ ਖਤਰੇ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਿਹਤ ਕਰਮਚਾਰੀਆਂ ਅਤੇ ਆਸ਼ਾ ਵੱਲੋਂ ਲੋਕਾਂ ਨੂੰ ਦਸਤਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਮੇਂ ਡਾ. ਅੰਕੁਸ਼ ਜਿੰਦਲ ਬੱਚਿਆਂ ਦੇ ਮਾਹਿਰ, ਮਨਜੀਤ ਕੌਰ, ਸਿਹਤ ਵਿਭਾਗ ਦੇ ਕਰਮਚਾਰੀ ਅਤੇ ਆਸ਼ਾ ਹਾਜ਼ਰ ਸਨ।
ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
Highlights
- #barnalanews
Leave a comment