29 ਸਤੰਬਰ (ਨਾਨਕ ਸਿੰਘ ਖੁਰਮੀ) ਮਾਨਸਾ: ਖਨੌਰੀ ਬਾਰਡਰ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਪ੍ਰਦਰਸ਼ਨ ਦੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਦੁਆਰਾ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ, ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਕੋਲੋਂ ਆਰਥਿਕ ਮਦਦ ਦਿਵਾਉਣ ਲਈ ਮਾਨਸਾ ਦੀਆਂ ਕੈਂਚੀਆਂ ‘ਤੇ ਲਗਾਤਾਰ ਤੀਸਰੇ ਦਿਨ ਚੱਲ ਰਿਹਾ ਧਰਨਾ ਪ੍ਰਦਰਸ਼ਨ ਅੱਜ ਉਦੋਂ ਸਮਾਪਤ ਹੋ ਗਿਆ, ਜਦ ਪ੍ਰਸ਼ਾਸਨ ਦੁਆਰਾ ਕਿਸਾਨਾਂ ਨੂੰ ਮੰਗਾਂ ਸਬੰਧੀ ਯਕੀਨ ਦਿਵਾਇਆ ਗਿਆ।ਇਸ ਦੇ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਧਰਨੇ ਦੌਰਾਨ ਕਿਹਾ ਕਿ ਕਿਸਾਨਾਂ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਦੌਰਾਨ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਕਿਸਾਨ ਗੁਰਮੀਤ ਸਿੰਘ ਦੁਆਰਾ ਪਿਛਲੇ ਦਿਨ੍ਹੀਂ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਨੌਤ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੇ ਬਿਆਨਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਬੇਜ਼ਮੀਨਾ ਸੀ ਜੋ ਇਲੈਟ੍ਰੀਸ਼ਨ ਦਾ ਕੰਮ ਕਰਦਾ ਸੀ ਅਤੇ ਪਿੱਛੇ ਬੱਚੇ ਹਨ। ਪਰ ਹੁਣ ਘਰ ਨੂੰ ਚਲਾਉਣ ਵਾਲਾ ਇਸ ਦੁਨੀਆਂ ਵਿੱਚ ਨਹੀਂ ਰਿਹਾ। ਪਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਪ੍ਰਤੀ ਮਾੜਾ ਰਵੱਈਆ ਅਪਣਾਉਂਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਆਰਥਿਕ ਮਦਦ ਦਾ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜਦ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਪ੍ਰਸ਼ਾਸਨ ਵੱਲੋਂ ਧਰਨੇ ਦੇ ਵਿੱਚ ਆ ਕੇ ਪਰਿਵਾਰ ਨੂੰ ਮਾਲੀ ਮਦਦ ਦਿਵਾਉਣ , ਘਰਵਾਲੀ ਦੀ ਪੈਨਸ਼ਨ ਲਗਵਾਉਣ ਦਾ ਯਕੀਨ ਪ੍ਰਸ਼ਾਸਨ ਵੱਲੋਂ ਦਿਵਾਇਆ ਗਿਆ ਹੈ, ਜਿਸ ਬਾਅਦ ਇਹ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।