*ਸਿਹਤ ਵਿਭਾਗ ਦੀਆਂ 103 ਟੀਮਾਂ ਕਰ ਰਹੀਆਂ ਹਨ ਲੋਕਾਂ ਨੂੰ ਜਾਗਰੂਕ
18 ਅਕਤੂਬਰ (ਕਰਨ ਭੀਖੀ) ਮਾਨਸਾ: ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਅਧੀਨ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਇਸ ਮੌਕੇ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇੰਨਾ ਟੀਮਾਂ ਵਿੱਚ ਸਿਹਤ ਕਰਮਚਾਰੀ, ਆਸ਼ਾ ਵਰਕਰਾਂ ਅਤੇ ਬ੍ਰੀਡਿੰਗ ਚੈੱਕਰਾਂ, ਸਮਾਜ ਸੇਵੀ ਅਤੇ ਵੀ.ਐਚ.ਐਸ.ਐਨ.ਸੀ. ਕਮੇਟੀ ਦੇ ਮੈਂਬਰ ਦੇ ਸਹਿਯੋਗ ਨਾਲ ਡੇਂਗੂ ਤੋਂ ਬਚਾਅ ਸਬੰਧੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਇਸ ਤੋਂ ਬਚਣ ਦੇ ਉਪਾਅ ਤੋਂ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਫੈਲਣ ਤੋਂ ਬਚਾਅ ਕਰਨਾ ਹੈ। ਇਸ ਸਬੰਧੀ ਜ਼ਿਲ੍ਹੇ ਵਿੱਚ ਜਾਗਰੂਕਤਾ ਫੈਲਾਉਣ ਲਈ ਲੋਕਲ ਮਾਨਸਾ ਸ਼ਹਿਰ ਵਿਖੇ 10 ਟੀਮਾਂ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਥਾਂ ’ਤੇ ਲਾਰਵਾ ਪਾਇਆ ਜਾਂਦਾ ਹੈ, ਤਾਂ ਮੌਕੇ ’ਤੇ ਨਸ਼ਟ ਕੀਤਾ ਜਾਂਦਾ ਹੈ ਅਤੇ ਜਿਸ ਘਰ ਵਿੱਚ ਡੇਂਗੂ ਦਾ ਮਰੀਜ਼ ਹੈ, ਉਸ ਘਰ ਅਤੇ ਉਸ ਦੇ ਆਲੇ ਦੁਆਲੇ ਦੇ ਘਰਾਂ ਵਿੱਚ ਵੀ ਸਪਰੇਅ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਕੁੱਲ 103 ਟੀਮਾਂ ਬਣਾਈਆਂ ਗਈਆਂ ਹਨ। ਇਹਨਾਂ ਟੀਮਾਂ ਵਿੱਚ ਸਿਹਤ ਕਰਮਚਾਰੀ, ਆਸ਼ਾ ਵਰਕਰ, ਸਮਾਜ ਸੇਵੀ ਅਤੇ ਵੀ.ਐਚ.ਐਸ.ਐਨ.ਸੀ. ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਆਮ ਲੋਕਾਂ ਦੀ ਸ਼ਮੂਲੀਅਤ ਵੀ ਕੀਤੀ ਗਈ ਹੈ।
ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ ਧਾਲੀਵਾਲ, ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਲਡਿੰਗ ਦੀਆਂ ਛੱਤਾਂ ’ਤੇ ਪਏ ਟਾਇਰਾਂ, ਟੁੱਟੇ ਹੋਏ ਬਰਤਨਾਂ ਅਤੇ ਹੋਰ ਥਾਵਾਂ ’ਤੇ ਪਾਣੀ ਖੜ੍ਹਾ ਹੋਣ ਨਾਲ ਡੇਂਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਂਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ, ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੋਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ।