ਭਗਤਾ ਭਾਈ, 29 ਜਨਵਰੀ (ਰਾਜਿੰਦਰ ਸਿੰਘ ਮਰਾਹੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਦਿਨ-ਦਿਹਾੜੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੇ ਅਪਮਾਨ ਦੀ ਘਟਨਾ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ 26 ਜਨਵਰੀ ਦੇ ਇਤਿਹਾਸਕ ਦਿਹਾੜੇ ਮੌਕੇ ਅਜਿਹੀ ਮੰਦਭਾਗੀ ਘਟਨਾ ਵਾਪਰਨੀ ਪੰਜਾਬ ਸਰਕਾਰ ਦੀ ਵੱਡੀ ਅਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੁਲੀਸ ਵੱਲੋਂ ਘਟਨਾ ਦੇ ਦੋਸ਼ੀ ‘ਤੇ ਮਾਮੂਲੀ ਧਾਰਾਵਾਂ ਲਗਾ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਕਾਰਨ ਸਮੁੱਚੇ ਦੇਸ਼ ਵਾਸੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਸ. ਕਾਂਗੜ ਨੇ ਕਿਹਾ ਕਿ ਇਹ ਘਟਨਾ ਇੱਕਲੇ ਵਿਅਕਤੀ ਦੀ ਨਹੀਂ ਬਲਕਿ ਇਸ ਪਿਛੇ ਕੋਈ ਵੱਡੀ ਸਾਜ਼ਿਸ਼ ਹੈ, ਜਿਸ ਦੀ ਉੱਚ ਪੱਧਰੀ ਜਾਂਚ ਪਡ਼ਤਾਲ ਹੋਣੀ ਚਾਹੀਦੀ ਹੈ ਤੇ ਇਸ ਨਾਲ ਸਬੰਧਿਤ ਦੋਸ਼ੀਆਂ ਨੂੰ ਕਟਿਹਰੇ ‘ਚ ਨੰਗਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮੁਡ਼ ਇਸ ਤਰ੍ਹਾਂ ਦੀ ਮੰਦਭਾਗੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਸਾਰੇ ਵਰਗਾਂ ਦੇ ਸਾਂਝੇ ਹਨ ਤੇ ਉਨ੍ਹਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਕਾਂਗੜ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਹੀ ਮਾੜੀ ਹੈ ਅਤੇ ਅਜਿਹੇ ਹਲਾਤਾਂ ਵਿੱਚ ਪੰਜਾਬ ਸਰਕਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦਾ ਖਿਆਲ ਛੱਡ ਕੇ ਪੰਜਾਬ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਕਤ ਘਟਨਾ ਸਬੰਧੀ ਕੋਈ ਸਖਤ ਕਾਰਵਾਈ ਕਰਨ ਦੀ ਬਜਾਇ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਸ. ਕਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰੇਗੀ।
ਕੈਪਸ਼ਨ: ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ।