ਸੰਗਰੂਰ 10 ਫਰਵਰੀ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਸੂਬਾਈ ਕਮੇਟੀ ਦੀ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਘਰਸ਼ ਦੀ ਕੰਪਿਊਟਰ ਅਧਿਆਪਕਾਂ ਦੇ ਵੱਲੋਂ ਸੰਗਰੂਰ ਦੇ ਡੀ ਸੀ ਦਫਤਰ ਅੱਗੇ ਲਗਭਗ ਸਾਢੇ 5 ਮਹੀਨੇ ਤੋਂ ਕੀਤੀ ਜਾ ਰਹੀ ਭੁੱਖ ਹੜਤਾਪ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਉਤੇ ਭਵਿੱਖ ਦੀ ਰਣਨੀਤੀ ਨੂੰ ਵੀ ਅਮਲੀ ਜਾਮਾ ਪਹਿਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਜੋਨੀ ਸਿੰਗਲਾ, ਨਰਦੀਪ ਸ਼ਰਮਾ, ਸੁਸ਼ੀਲ ਅੰਗੁਰਾਲ, ਜਸਪਾਲ, ਰਣਜੀਤ ਸਿੰਘ, ਲਖਵਿੰਦਰ ਸਿੰਘ, ਊਧਮ ਸਿੰਘ ਡੋਗਰਾ, ਰਾਕੇਸ਼ ਸੈਣੀ ਆਦਿ ਨੇ ਦੱਸਿਆ ਕਿ ਮਿਤੀ 3 ਅਤੇ 4 ਫਰਵਰੀ ਨੂੰ ਪ੍ਰਿੰਸੀਪਲ ਸਕੱਤਰ ( ਵਿੱਤ ਵਿਭਾਗ) ਨਾਲ ਹੋਈ ਮੀਟਿੰਗ ਅਤੇ ਉਨਾਂ ਵੱਲੋਂ ਕੀਤੇ ਵਾਅਦੇ ਅਨੁਸਾਰ ਦੋ ਦਿਨਾਂ ਦੇ ਵਿੱਚ ਬਣਦਾ ਅਨਰਵਾਈਜ਼ ਡੀਏ ਜਾਂ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਤੇ ਚਰਚਾ ਕੀਤੀ ਗਈ। ਅਧਿਕਾਰੀਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ 2 ਦਿਨ ਦੇ ਅੰਦਰ ਅੰਦਰ ਜਾਰੀ ਕਰ ਦਿੱਤਾ ਜਾਵੇਗਾ, ਪਰ ਅਜੇ ਤੱਕ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਆਪਣਾ ਲਿਆ ਗਿਆ ਰਾਜਨੀਤਿਕ ਫੈਸਲਾ ਕਿ ‘ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇਗਾ’ ਨੂੰ ਅਫਸਰਸ਼ਾਹੀ ਦੇ ਦਬਾਅ ਹੇਠ ਲਾਗੂ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਣ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਆਪਣੇ ਰਾਜਨੀਤਿਕ ਫੈਸਲੇ ਲਾਗੂ ਨਾ ਕਰਨਾ ਲੋਕਤੰਤਰ ਦਾ ਘਾਣ ਹੈ।
ਮੀਟਿੰਗ ਵਿੱਚ ਸੰਘਰਸ਼ ਕਮੇਟੀ ਵੱਲੋਂ ਸਰਬ-ਸੰਮਤੀ ਨਾਲ 17 ਫਰਵਰੀ ਮੁਹਾਲੀ ਵਿਖੇ ਸੂਬਾਈ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ। ਜਿਸ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸ਼ਮੂਲੀਅਤ ਕਰਦੇ ਹੋਏ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਐਕਸ਼ਨ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਨਾਲ ਨਾਲ ਸਾਰੀਆਂ ਭਰਾਤਰੀ ਅਧਿਆਪਕ ਜੱਥੇਬੰਦੀਆਂ, ਮੁਲਾਜ਼ਮ ਫੈਡਰੇਸ਼ਨਜ਼, ਵਿਦਿਆਰਥੀ ਜੱਥੇਬੰਦੀਆਂ, ਸਮੂਹ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਅਤੇ ਹੋਰ ਜਨਤਕ ਜੱਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੀਆਂ। ਉਨ੍ਹਾਂ ਸਾਫ ਕੀਤਾ ਕਿ ਜੇਕਰ ਸਮਾਂ ਰਹਿੰਦੇ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਨਾ ਕੀਤੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰ ਦੇਣਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ।