ਮਾਨਸਾ, 01 ਮਈ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਸਾਡਾ ਸੰਗਠਨ ਨ਼ਸ਼ਾ ਮੁਕਤੀ ਮੋਰਚਾ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਹੈ ਤਾਂ ਜੋ ਨਸ਼ਿਆਂ ਦਾ ਲੱਕ ਤੋੜਿਆ ਜਾ ਸਕੇ। ਇਸ ਮੰਤਵ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਕੀਤੇ ਜਾਣਗੇ ਅਤੇ ਪਿੰਡ-ਪਿੰਡ, ਸ਼ਹਿਰ – ਸ਼ਹਿਰ ਪਹੁੰਚ ਕੀਤੀ ਜਾਵੇਗੀ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਲਈ ਮਾਲਵਾ (ਵੈਸਟ) ਦੇ ਕੋਆਰਡੀਨੇਟਰ ਚੁਸ਼ਪਿੰਦਰ ਚਹਿਲ ਨੇ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਭਖਾਉਣ ਲਈ ਨਸ਼ਾ ਮੁਕਤੀ ਮੋਰਚਾ ਬਣਾਇਆ ਗਿਆ ਹੈ, ਜਿਸ ਵਲੋਂ ਹਰ ਪਿੰਡ, ਹਰ ਗਲੀ, ਹਰ ਮੁਹੱਲੇ ਤਕ ਪਹੁੰਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਹ ਸੰਗਠਨ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਉਨ੍ਹਾਂ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ, ਜਿੰਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਹਰ ਸਕੂਲੀ ਬੱਚੇ, ਹਰ ਨੌਜਵਾਨ ਨੂੰ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ, ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ – ਸ਼ਹਿਰ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਇਸ ਮਕਸਦ ਨਾਲ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ 03 ਮਈ ਨੂੰ ਜ਼ਿਲ੍ਹੇ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਇੱਕਲਿਆਂ ਜਿੱਤੀ ਨਹੀਂ ਜਾ ਸਕਦੀ, ਇਸ ਲਈ ਹਰ ਪੰਜਾਬ ਵਾਸੀ ਇਸ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਕਿ ਰਲ ਕੇ ਇਹ ਜੰਗ ਜਿੱਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਜ਼ਫਰੀ, ਹਲਕਾ ਕੋਆਰਡੀਨੇਟਰ ਮਾਨਸਾ ਸ਼ਮਿੰਦਰ ਖੀਵਾ, ਹਲਕਾ ਕੋਆਰਡੀਨੇਟਰ ਬੁਢਲਾਡਾ ਰਾਮ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।
ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਰ ਪਾਰ ਦੀ ਲੜਾਈ ਲੜੇਗਾ ਨਸ਼ਾ ਮੁਕਤੀ ਮੋਰਚਾ-ਚੁਸ਼ਪਿੰਦਰ ਚਹਿਲ

*03 ਮਈ ਨੂੰ ਵਿਲੇਜ ਡਿਫੈਂਸ ਕਮੇਟੀਆਂ ਦੀ ਹੋਵੇਗੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ*
*ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਭ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਸੱਦਾ*
Leave a comment