ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਦਾ ਵਧਾਇਆ ਉਤਸ਼ਾਹ*
ਮਾਨਸਾ, 04 ਅਗਸਤ:
ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਪਹਿਲੀ ਰਿਹਰਸਲ ਕੀਤੀ ਗਈ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪੂਰਾ ਜੋਸ਼ ਅਤੇ ਉਤਸ਼ਾਹ ਦਿਖਾਉਂਦਿਆਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ।
ਰਿਹਰਸਲ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ ਇਸ ਲਈ ਕੋਰਿਓਗ੍ਰਾਫ਼ੀ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਪਹਿਲਾਂ ਹੀ ਦੂਰ ਕਰ ਲਿਆ ਜਾਵੇ। ਉਨ੍ਹਾਂ ਆਜ਼ਾਦੀ ਦਿਵਸ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਟੀਮ ਇੰਚਾਰਜਾਂ ਨੂੰ ਹਦਾਇਤ ਕੀਤੀ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਪ੍ਰਿੰਸੀਪਲ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀਮਤੀ ਰਿੰਪਲ ਮੋਂਗਾ, ਸ਼੍ਰੀ ਅਮ੍ਰਿਤਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।