ਮਾਨਸਾ, 30 ਅਗਸਤ
ਭਾਈ ਬਹਿਲੋ ਖਾਲਸਾ ਗਰਲਜ ਕਾਲਜ ਫਫੜੇ ਭਾਈਕੇ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਦੇ ਅਧੀਨ ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਨਾਮਵਰ ਸੰਸਥਾ ਹੈ। ਇਸ ਸੰਸਥਾ ਵਿੱਚ ਅੱਜ ਮਿਤੀ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੇ ਕੋਆਡੀਨੇਟਰ ਪ੍ਰੋ. ਪਰਮਜੀਤ ਕੌਰ ਨੇ ਦੱਸਿਆ ਕਿ ਮੌਸਮ ਖਰਾਬ ਹੋਣ ਦੇ ਬਾਵਜੂਦ ਵੀ ਇਸ ਪ੍ਰੋਗਰਾਮ ਵਿੱਚ ਕਾਲਜ ਦੀਆਂ ਵਿਦਿਆਥਣਾਂ ਨੇ 100 ਮੀਟਰ, 200 ਮੀਟਰ, 400 ਮੀਟਰ, ਲੰਬੀ ਛਾਲ ਅਤੇ ਹੋਰ ਬਹੁਤ ਸਾਰੀਆਂ ਮਨੋਰੰਜਕ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਦਾ ਦਿਵਸ ਮੇਜਰ ਧਿਆਨ ਚੰਦ ਜੀ ਨੂੰ ਸਮਰਪਿਤ ਹੈ ਜੋ ਕਿ ਹਾਕੀ ਦੇ ਜਾਦੂਗਰ ਵਜੋਂ ਪੂਰੇ ਸੰਸਾਰ ਵਿੱਚ ਜਾਣੇ ਜਾਂਦੇ ਹਨ। ਉਹਨਾਂ ਦੱਸਿਆ ਕਿ ਪੜਾਈ ਦੇ ਨਾਲ ਨਾਲ ਖੇਡਾਂ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ। ਕਾਲਜ ਇੰਜਾਰਜ ਡਾ. ਭੁਪਿੰਦਰ ਸਿੰਘ ਨੇ ਜਿੱਥੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਉੱਥੇ ਹੀ ਅੱਜ ਦੇ ਮਸਨੂਈ ਬੁੱਧੀ ਯੁੱਗ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ. ਵੀਰਵੰਤੀ ਕੌਰ ਅਤੇ ਸਹਾਇਕ ਪ੍ਰੋਫੈਸਰ ਹਰਪ੍ਰੀਤ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਰਹੇ।