*ਕੰਬਾਈਨ ਨਾਲ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੇ ਨਿਰਦੇਸ਼*
*ਸੁਪਰ ਐਸ.ਐਮ.ਐਸ ਤੋਂ ਬਿਨਾਂ ਨਹੀਂ ਚੱਲੇਗੀ ਕੋਈ ਵੀ ਕੰਬਾਈਨ*
*ਕਿਹਾ, ‘ਪਰਾਲੀ ਨਾ ਜਲਾਓ, ਵਾਤਾਵਰਨ ਤੇ ਭੂਮੀ ਦੀ ਉਪਜਾਊ ਸ਼ਕਤੀ ਬਚਾਓ‘*
16 ਅਕਤੂਬਰ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਤੈਅ ਕੀਤੀ ਗਈ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਜਾਂ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਹੋਰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਈ ਫ਼ਸਲ ਦੇ ਹਰੇਕ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ।
ਡੀ.ਸੀ. ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਨ ਤਾਂ ਜੋ ਫ਼ਸਲ ਵਿਚ ਨਮੀ ਦੀ ਮਾਤਰਾ ਨਾ ਵਧੇ। ਇਸ ਤੋਂ ਇਲਾਵਾ, ਕੰਬਾਈਨ ਹਾਰਵੈਸਟਰਾਂ ‘ਤੇ ਸੁਪਰ ਐਸ.ਐਮ.ਐਸ ਦੀ ਵਰਤੋਂ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ ਤੋਂ ਬਿਨਾਂ ਨਹੀਂ ਚੱਲ ਸਕੇਗੀ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਅਪਣਾ ਕੇ ਵਾਤਾਵਰਨ ਸੁਰੱਖਿਆ ਵਿਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ।