*ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ*
ਬਠਿੰਡਾ, 19 ਅਕਤੂਬਰ :
ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਖ਼ਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਦਾਇਤਾਂ ਦਿੱਤੀਆਂ ਗਈਆਂ।
ਸ੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ 11,044 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ ਆਮਦ 54,664 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵੱਲੋਂ 17,982 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4,605 ਮੀਟ੍ਰਿਕ ਟਨ, ਪਨਸਪ ਵੱਲੋਂ 10,476 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 4604 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਦਰਜ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਲਿਫਟਿੰਗ ਦੇ ਮਾਮਲੇ ਵਿੱਚ ਇੱਕ ਦਿਨ ਦੌਰਾਨ 5,658 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਲਿਫਟਿੰਗ ਕੀਤੀ ਗਈ ਹੈ, ਜਦਕਿ ਹੁਣ ਤੱਕ ਕੁੱਲ 19,483 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਬੰਧੀ ਹੁਣ ਤੱਕ ਕੁੱਲ 69.88 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਸਮੇਂ ਸਿਰ ਲਿਫਟਿੰਗ ਅਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
