ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਕੀਤੀ ਗੱਲਬਾਤ, ਪਰਾਲੀ ਪ੍ਰਬੰਧਨ ਲਈ ਕੀਤਾ ਪ੍ਰੇਰਿਤ
ਮਾਨਸਾ, 25 ਅਕਤੂਬਰ:
ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਅਤੇ ਐਸ.ਪੀ. ਹਿਨਾ ਗੁਪਤਾ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਟੀਮਾਂ ਸਮੇਤ ਪਿੰਡ ਭੈਣੀ ਬਾਘਾ ਦਾ ਸਾਂਝਾ ਦੌਰਾ ਕੀਤਾ। ਇਸ ਮੌਕੇ ਅਧਿਕਾਰੀਆਂ ਨੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ।
ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ ਨੇ ਬੇਲਰਾਂ ਰਾਹੀਂ ਪਰਾਲੀ ਦਾ ਖੇਤਾਂ ਵਿੱਚ ਐਕਸ ਸੀਟੂ ਵਿਧੀ ਨਾਲ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੇ ਯਤਨਾਂ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਾਰੇ ਲੋੜੀਂਦੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਅਤੇ ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ ਸਮੇਤ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸਾਲ 2025-26 ਦੌਰਾਨ ਹਾਟ ਸਪਾਟ ਰਹੇ ਪਿੰਡਾਂ ਦਾ ਵੀ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਜਿਸਦੀ ਲੜੀ ਤਹਿਤ ਪਿਛਲੇ ਦਿਨ ਪਿੰਡ ਧਲੇਵਾਂ ਅਤੇ ਹੋਡਲਾ ਕਲਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕਰਦਿਆਂ ਪਿਛਲੇ ਸਾਲ ਦੌਰਾਨ ਆਈਆਂ ਮੁਸ਼ਕਿਲਾਂ ਬਾਰੇ ਜਾਣਿਆ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇੰਨਾ ਮੁਸ਼ਕਿਲਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਐਸ.ਪੀ. ਹਿਨਾ ਗੁਪਤਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਗੁਰੂਆਂ ਦੀ ਵਰਸਾਈ ਧਰਤੀ ਤੇ ਹਵਾ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨਿਕ ਟੀਮਾਂ ਧਰਾਤਲ ‘ਤੇ ਨਿਰੰਤਰ ਨਿਗਰਾਨੀ ਰੱਖ ਰਹੀਆਂ ਹਨ ਤਾਂ ਜੋ ਹਵਾ ਪ੍ਰਦੂਸ਼ਣ ‘ਤੇ ਕਾਬੂ ਪਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਨ ਪੱਖੀ ਤਕਨੀਕਾਂ ਨੂੰ ਅਪਨਾ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ।
ਜ਼ਿਕਰਯੋਗ ਹੈ ਕਿ ਸਾਲ 2025-26 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹਾਟ ਸਪਾਟ ਰਹੇ ਪਿੰਡਾਂ ਦਾ, ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਉਨ੍ਹਾਂ ਵਲੋਂ ਪਿਛਲੇ ਦਿਨੀਂ ਪਿੰਡ ਧਲੇਵਾਂ ਅਤੇ ਹੋਡਲਾ ਕਲਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕਰਦਿਆਂ ਪਿਛਲੇ ਸਾਲ ਦੌਰਾਨ ਆਈਆਂ ਮੁਸ਼ਕਿਲਾਂ ਬਾਰੇ ਜਾਣਿਆ ਗਿਆ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਕਿਸਾਨ ਵੀਰਾਂ ਨੂੰ ਅਜਿਹੀ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
