ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ
ਨਾਨਕ ਸਿੰਘ ਖੁਰਮੀ,ਮਾਨਸਾ 2 ਨਵੰਬਰ
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਦੁਖਦਾਈ ਘਟਨਾ ਸਬੰਧੀ ਪਰਿਵਾਰ ਦੀਆਂ ਮੰਗਾਂ ਅਤੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਜ਼ਿਕਰਯੋਗ ਹੈ ਕਿ 13 ਅਕਤੂਬਰ 26 ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਇੱਕ ਕੈਮਿਸਟ ਵੱਲੋਂ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਕੋਲ ਮੰਗਾਂ ਰੱਖੀਆਂ ਗਈਆਂ ਸਨ। ਪਰਿਵਾਰ ਵੱਲੋਂ ਰੱਖੀਆਂ 12 ਮੁੱਖ ਮੰਗਾਂ ਨੂੰ ਲੈਕੇ ਪ੍ਰਸ਼ਾਸਨ ਨਾਲ ਸਹਿਮਤੀ ਬਣਨ ਦੀ ਜਾਣਕਾਰੀ ਹੈ। ਹਾਲਾਂਕਿ, ਇਸਦੇ ਬਾਵਜੂਦ ਪਰਿਵਾਰ ਵੱਲੋਂ ਕੁਝ ਹੋਰ ਮੰਗਾਂ ਨੂੰ ਲੈਕੇ ਆਪਣਾ ਪੱਖ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬਾਕੀ ਰਹਿੰਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਮਾਮਲੇ ਦਾ ਇੱਕ ਹੋਰ ਅਹਿਮ ਪੱਖ ਇਹ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅਜੇ ਤੱਕ ਪੋਸਟਮਾਰਟਮ ਨਹੀਂ ਹੋ ਸਕਿਆ। ਫਿਲਹਾਲ ਉਨ੍ਹਾਂ ਦੀ ਦੇਹ ਸਿਵਲ ਹਸਪਤਾਲ ਮਾਨਸਾ ਦੇ ਮੁਰਦਾਘਰ ਵਿੱਚ ਰੱਖੀ ਹੋਈ ਹੈ। ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨੂੰ ਲੈ ਕੇ ਵੀ ਪਰਿਵਾਰ ਵੱਲੋਂ ਆਪਣੀਆਂ ਮੰਗਾਂ ਅਤੇ ਸ਼ਰਤਾਂ ਰੱਖੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਰਿਵਾਰ ਕੋਲ ਪਹੁੰਚਣ ਨੂੰ ਇਸ ਮਾਮਲੇ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਪਰਿਵਾਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਪਰਿਵਾਰ ਦੀ ਗੱਲ ਸੁਣੀ ਅਤੇ ਇਸ ਦੁਖਦਾਈ ਘਟਨਾ ਨਾਲ ਜੁੜੇ ਮਸਲਿਆਂ ਬਾਰੇ ਜਾਣਕਾਰੀ ਲਈ।ਇਸ ਸਮੇਂ ਸਾਰਿਆਂ ਦੀਆਂ ਨਜ਼ਰਾਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਿਵਾਰ ਦੀਆਂ ਬਾਕੀ ਰਹਿੰਦੀਆਂ ਮੰਗਾਂ ’ਤੇ ਕੀਤੀ ਜਾਣ ਵਾਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਪਰਿਵਾਰ ਅਤੇ ਪ੍ਰਸ਼ਾਸਨ ਵਿਚਕਾਰ ਬਾਕੀ ਰਹਿੰਦੇ ਮਸਲਿਆਂ ਦਾ ਹੱਲ ਕਦੋਂ ਨਿਕਲਦਾ ਹੈ ਅਤੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਸਬੰਧੀ ਅਗਲਾ ਫ਼ੈਸਲਾ ਕੀ ਹੁੰਦਾ ਹੈ।
ਫੋਟੋ 5:ਨਾਨਕ ਸਿੰਘ ਖੁਰਮੀ : ਪਰਿਵਾਰ ਦੀਆਂ ਮੰਗਾਂ ਅਤੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਦੇ ਖੁੱਡੀਆਂ।
